ਪੱਤਰ ਪ੍ਰੇਰਕ
ਅੰਮ੍ਰਿਤਸਰ, 2 ਅਪਰੈਲ
ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਐੱਨਆਰਆਈ ਮਾਮਲੇ ਵਿਭਾਗਾਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਵਿਚ ਰਾਜ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮੁੱਦੇ ਉਤੇ ‘ਐਕਸ਼ਨ ਮੋਡ’ ਵਿਚ ਆਉਣ ਵਾਲੀ ਹੈ। ਜੋ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਵਿਚ ਸ਼ਾਮਲ ਪਾਇਆ ਗਿਆ, ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫਾਰਮੂਲਾ ਨਾ ਕੇਵਲ ਸਰਕਾਰੀ ਅਧਿਕਾਰੀਆਂ ’ਤੇ ਲਾਗੂ ਹੋਵੇਗਾ ਸਗੋਂ ਲੋਕਾਂ ਵਲੋਂ ਚੁਣੇ ਵਿਧਾਇਕ ਤੇ ਮੰਤਰੀ ਵੀ ਇਸੇ ਫਾਰਮੂਲੇ ਹੇਠ ਆਉਂਦੇ ਹਨ।
ਅਜਨਾਲਾ (ਪੱਤਰ ਪ੍ਰੇਰਕ): ਦਿ ਸਹਿਕਾਰੀ ਖੰਡ ਮਿੱਲ ਲਿਮਟਿਡ ਅਜਨਾਲਾ ਵਿੱਚ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦੱਸਿਆ ਕਿ ਕਿ ਪੰਜਾਬ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਅੱਠ ਦਿਨਾਂ ਦੇ ਅੰਦਰ ਗੰਨੇ ਦੀ ਅਦਾਇਗੀ ਕਰਨ ਅਤੇ ਪਿਛਲਾ ਬਕਾਇਆ ਦੇਣ ਤੇ ਵਿਚਾਰ ਕਰ ਰਹੀ ਹੈ ਤੇ ਇਹ ਫ਼ੈਸਲਾ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆ ਰਹੀ ਕਣਕ ਦੀ ਵਾਢੀ ਸਮੇਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਦੇਖਦਿਆਂ ਫਾਇਰ ਬ੍ਰਿਗੇਡ ਟੈਂਡਰਾਂ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ ਇਸ ਮੌਕੇ ਐੱਸਡੀਐੱਮ ਅਜਨਾਲਾ ਹਰਕੰਵਲਜੀਤ ਸਿੰਘ, ਡੀਐੱਸਪੀ ਅਜਨਾਲਾ, ਮੱਛੀ ਪਾਲਣ ਅਫਸਰ ਗੁਰਬੀਰ ਸਿੰਘ, ਇੰਦਰਜੀਤ ਸਿੰਘ ਮਹਿਲਾਂਵਾਲਾ, ਜਸਪਿੰਦਰ ਸਿੰਘ ਛੀਨਾ ਆਦਿ ਹਾਜ਼ਰ ਸਨ।