ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਜੁਲਾਈ
ਪੰਜਾਬ ਸਰਕਾਰ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਰੂਪ-ਰੇਖਾ ਤਿਆਰ ਕਰੇਗੀ। ਇਹ ਐਲਾਨ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਹ ਇਤਿਹਾਸਕ ਰਾਮਤੀਰਥ ਵਿਖੇ ਲਵ-ਕੁਸ਼ ਅਤੇ ਗੁਰੂ ਗਿਆਨ ਨਾਥ ਦੇ ਜਨਮ ਦਿਵਸ ਸਬੰਧੀ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਨ। ਇਹ ਸਮਾਗਮ ਭਗਵਾਨ ਵਾਲਮੀਕਿ ਧੁੰਨਾ ਸਾਹਿਬ ਟਰੱਸਟ ਵੱਲੋਂ ਕਰਵਾਇਆ ਗਿਆ ਸੀ।
ਇਸ ਦੌਰਾਨ ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲਗਾਤਾਰ ਇਨ੍ਹਾਂ ਸਰਹੱਦੀ ਅਤੇ ਕੰਡੀ ਖੇਤਰਾਂ ਨੂੰ ਅਣਗੌਲਿਆ ਕਰਨ ਨਾਲ ਇਹ ਖੇਤਰ ਵਿਕਾਸ ਪੱਖੋਂ ਪੱਛੜ ਗਏ ਹਨ। ਹੁਣ ਉਨ੍ਹਾਂ ਦੀ ਸਰਕਾਰ ਇਨ੍ਹਾਂ ਦੋਵਾਂ ਖੇਤਰਾਂ ਦੇ ਵਿਕਾਸ ’ਤੇ ਵਧੇਰੇ ਜ਼ੋਰ ਦੇਵੇਗੀ। ਇਸ ਮੰਤਵ ਲਈ ਵਿਸਥਾਰਤ ਯੋਜਨਾ ਉਲੀਕੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਨੂੰ ਰੋਕਣ ਲਈ ਸਰਕਾਰ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਪੰਜਾਬ ਪੁਲੀਸ ਇਸ ਮਕਸਦ ਲਈ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਹੋਰ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੀ ਸਰਕਾਰ ਵਚਨਬੱਧ ਹੈ। ਇਸ ਦੌਰਾਨ ਸ੍ਰੀ ਮਾਨ ਨੇ ਆਖਿਆ ਕਿ ਉਨ੍ਹਾਂ ਦਾ ਮਕਸਦ ਪੰਜਾਬ ਨੂੰ ਇਕ ਸੁਰੱਖਿਅਤ ਸੂਬਾ ਬਣਾਉਣਾ ਹੈ। ‘ਆਪ’ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਉਨ੍ਹਾਂ ਆਖਿਆ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਸਾਰੇ ਵਾਅਦੇ ਪੂਰੇ ਕਰੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ ਅਤੇ ਲਵ ਕੁਸ਼ ਤੇ ਗੁਰੂ ਗਿਆਨਨਾਥ ਨੂੰ ਉਨ੍ਹਾਂ ਦੇ ਜਨਮ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਅਸਥਾਨ ਦੇ ਵਿਕਾਸ ਸਬੰਧੀ ਸਾਰੇ ਮਸਲੇ ਛੇਤੀ ਹੀ ਟਰੱਸਟੀਆਂ ਨਾਲ ਵਿਚਾਰ-ਚਰਚਾ ਕਰਕੇ ਹੱਲ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਜਸਬੀਰ ਸਿੰਘ ਸੰਧੂ ਅਤੇ ਜਸਵਿੰਦਰ ਸਿੰਘ ਰਮਦਾਸ ਸਮੇਤ ਟਰੱਸਟ ਦੇ ਆਗੂ ਵੀ ਹਾਜ਼ਰ ਸਨ।
ਬੇਅਦਬੀ ਦੇ ਮੁਲਜ਼ਮਾਂ ਨੂੰ ਜੇਲ੍ਹ ਭੇਜ ਕੇ ਸਾਹ ਲਵਾਂਗੇ: ਮੁੱਖ ਮੰਤਰੀ
ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ’ਚ ਵਾਪਰੀਆਂ ਬੇਅਦਬੀ ਦੀ ਘਟਨਾਵਾਂ ਦੇ ਮੁਲਜ਼ਮਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਉਣ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ ਉਦੋਂ ਤੱਕ ਸ਼ਾਂਤ ਨਹੀਂ ਬੈਠਣਗੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਇਕ ਨਿੱਜੀ ਨਿਊਜ਼ ਚੈਨਲ ਦੇ ਪ੍ਰੋਗਰਾਮ ਦੌਰਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀਆਂ ਦੀ ਮਿਲੀ ਭੁਗਤ ਕਰਕੇ ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਨਹੀਂ ਮਿਲ ਸਕੀਆਂ ਪਰ ਉਨ੍ਹਾਂ ਦੀ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਸੂਬੇ ਵਿੱਚ ਗੈਂਗਸਟਰਵਾਦ ਦੇ ਪਸਾਰ ਨੂੰ ਕੌਮੀ ਸਮੱਸਿਆ ਦੱਸਿਆ ਹੈ, ਜਿਸ ਨੂੰ ਰੋਕਣ ਲਈ ਸਾਰੇ ਸੂਬਿਆਂ ਨੂੰ ਆਪਸ ਵਿਚ ਹੱਥ ਮਿਲਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਸ ਖਤਰੇ ਨਾਲ ਨਿਪਟਣ ਲਈ ਪਹਿਲਾਂ ਹੀ ਠੋਸ ਰਣਨੀਤੀ ਤਿਆਰ ਕੀਤੀ ਹੈ। ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਦੇ ਖਜ਼ਾਨੇ ਨੂੰ ਬਚਾਉਣ ਦੀ ਥਾਂ ਖੋਰਾ ਲਗਾਉਣ ਦਾ ਕੰਮ ਕੀਤਾ ਹੈ।