ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਸਤੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਇੱਥੇ ਆਮ ਆਦਮੀ ਪਾਰਟੀ ਦੀਆਂ ਮਹਿਲਾ ਕੌਂਸਲਰ ਅਤੇ ਹੋਰ ਪਾਰਟੀ ਵਰਕਰਾਂ ਨਾਲ ਵੀ ਮੀਟਿੰਗ ਕੀਤੀ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਇੱਥੇ ਨਿੱਜੀ ਤੌਰ ’ਤੇ ਨਤਮਸਤਕ ਹੋਣ ਵਾਸਤੇ ਆਏ ਹਨ ਅਤੇ ਇਸ ਦਾ ਕੋਈ ਸਿਆਸੀ ਮੰਤਵ ਨਹੀਂ ਹੈ। ਮਹਿਲਾ ਵਰਕਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨ ਔਰਤਾਂ ਨੂੰ ਅਗਾਂਹ ਵਧਣ ਦੇ ਵਧੇਰੇ ਮੌਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੇ ਵਿਦੇਸ਼ ਦੇ ਰੁਝਾਨ ਨੂੰ ਰੋਕਣ ਵਾਸਤੇ ਇੱਥੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੇ ਨਾਲ ਵਿਧਾਇਕਾ ਜੀਵਨਜੋਤ ਕੌਰ ਤੇ ਗੁਰਪ੍ਰੀਤ ਕੌਰ ਵੀ ਹਾਜ਼ਰ ਸਨ। ਬਾਅਦ ਵਿੱਚ ਉਨ੍ਹਾਂ ਇੱਥੇ ਰਣਜੀਤ ਐਵੇਨਿਊ ਵਿਚ ਫੈਸ਼ਨ ਸਟੋਰ ਦਾ ਉਦਘਾਟਨ ਵੀ ਕੀਤਾ।