ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 1 ਜਨਵਰੀ
ਪੰਜਾਬ ਸਰਕਾਰ ਕਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਸਿਹਤ ਵਿਭਾਗ ਵਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਲਹਿਰ ਨਾਲ ਨਜਿੱਠਣ ਲਈ ਮੁਕੰਮਲ ਪ੍ਰਬੰਧ ਕੀਤੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਕਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਟੀਕੇ ਦੀ ਦੂਜੀ ਡੋਜ਼ ਲਗਾ ਰਹੀਆਂ ਹਨ। 85 ਫੀਸਦੀ ਤੋਂ ਜ਼ਿਆਦਾ ਲੋਕਾਂ ਨੇ ਕਰੋਨਾ ਦੀ ਪਹਿਲੀ ਡੋਜ਼ ਅਤੇ 46 ਫੀਸਦੀ ਤੋਂ ਜ਼ਿਆਦਾ ਲੋਕਾਂ ਨੇ ਕਰੋਨਾ ਦੀ ਦੂਜੀ ਡੋਜ਼ ਲੈ ਲਈ ਹੈ। ਸ੍ਰੀ ਸੋਨੀ ਨੇ ਲੋਕਾਂ ਨੂੰ ਦੂਜੀ ਡੋਜ਼ ਲਗਵਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਦੌਰਾਨ ਓਪੀ ਸੋਨੀ ਨੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਰੋਨਾ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ ਅਤੇ ਕਰੋਨਾ ਦੀ ਪਹਿਲੀ ਅਤੇ ਦੂਜੀ ਲੜਾਈ ਤੁਹਾਡੇ ਸਹਿਯੋਗ ਨਾਲ ਜਿੱਤੀ ਜਾ ਸਕੀ ਹੈ। ਉਨ੍ਹਾਂ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸਰਕਾਰ ਵਲੋਂ ਬੈਨ ਕੀਤੀਆਂ ਦਵਾਈਆਂ ਨੂੰ ਨਾ ਵੇਚਿਆ ਜਾਵੇ ਅਤੇ ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਨਾ ਦਿੱਤੀਆਂ ਜਾਣ।
ਉਨ੍ਹਾਂ ਦੱਸਿਆ ਕਿ ਉਦਯੋਗਪਤੀਆਂ ਅਤੇ ਮੈਡੀਕਲ ਇੰਡਸਰਟੀ ਵਾਲਿਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਵਿਸ਼ਵਾਸ ਦਿਵਾਇਆ ਕਿ ਉਹ ਮਾਰਕੀਟ ਵਿੱਚ ਕਿਸੇ ਨੂੰ ਵੀ ਨਸ਼ਿਆਂ ਵਾਲੀਆਂ ਦਵਾਈਆਂ ਨਹੀਂ ਵੇਚਣ ਦੇਣਗੇ। ਐਸੋਸੀਏਸ਼ਨ ਵਲੋਂ ਸੋਨੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।