DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gurbani live telecast: ਨਿੱਜੀ ਚੈਨਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਸਬੰਧੀ ਲੋੜੀਂਦੀ ਪ੍ਰਵਾਨਗੀ ਦੇਣ ਦੀ ਅਪੀਲ

ਕਾਨੂੰਨੀ ਨੋਟਿਸ ਅਤੇ ਚਿਤਾਵਨੀ ਦੇ ਬਾਵਜੂਦ ਲਾਈਵ ਪ੍ਰਸਾਰਨ ਸ਼ੁਰੂ; ਚੈਨਲ ਨੇ ਭਾਵੁਕ ਅਪੀਲ ਕਰਦਿਆਂ ਮੰਗੀ ਇਜਾਜ਼ਤ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਸਬੰਧੀ ਕਿਸੇ ਵੀ ਚੈਨਲ ਨੂੰ ਬਿਨਾਂ ਪ੍ਰਵਾਨਗੀ ਅਜਿਹਾ ਪ੍ਰਸਾਰਨ ਕਰਨ ਤੋਂ ਰੋਕਿਆ ਹੈ, ਪਰ ਜੀਟੀਸੀ ਚੈਨਲ ਵੱਲੋਂ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਕਰਨਾ ਜਾਰੀ ਹੈ। ਚੈਨਲ ਦੇ ਪ੍ਰਬੰਧਕਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਗਈ ਹੈ ਕਿ ਸ਼ਰਧਾਲੂਆਂ ਦੀ ਇੱਛਾ ਦੇ ਮੁਤਾਬਕ ਉਹ ਗੁਰਬਾਣੀ ਦੇ ਪ੍ਰਸਾਰਨ ਨੂੰ ਜਾਰੀ ਰੱਖ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਲੋੜੀਂਦੀ ਪ੍ਰਵਾਨਗੀ ਦੇਵੇ।

ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪਸ਼ਟ ਕੀਤਾ ਸੀ ਕਿ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਦਾ ਏਕਾਧਿਕਾਰ ਸਿਰਫ਼ ਸ਼੍ਰੋਮਣੀ ਕਮੇਟੀ ਕੋਲ ਹੈ ਅਤੇ ਬਿਨਾਂ ਪ੍ਰਵਾਨਗੀ ਕਿਸੇ ਵੀ ਨਿੱਜੀ ਚੈਨਲ ਨੂੰ ਇਸ ਦਾ ਪ੍ਰਸਾਰਨ ਕਰਨ ਦਾ ਕੋਈ ਹੱਕ ਨਹੀਂ ਹੈ। ਜੇਕਰ ਅਜਿਹਾ ਕੋਈ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਉਕਤ ਨਿੱਜੀ ਚੈਨਲ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ।

Advertisement

ਸ਼੍ਰੋਮਣੀ ਕਮੇਟੀ ਦੀ ਚਿਤਾਵਨੀ ਦੇ ਬਾਵਜੂਦ ਇਸ ਨਿੱਜੀ ਚੈਨਲ ਵੱਲੋਂ ਅੱਜ ਵੀ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਕੀਤਾ ਗਿਆ। ਇਸ ਦੀ ਪੁਸ਼ਟੀ ਕਰਦਿਆਂ ਨਿੱਜੀ ਚੈਨਲ ਦੇ ਪ੍ਰਬੰਧਕ ਰਬਿੰਦਰਾ ਨਰਾਇਣ ਨੇ ਦੱਸਿਆ ਕਿ ਚੈਨਲ ਵੱਲੋਂ ਬੀਤੇ ਕੱਲ੍ਹ ਤੋਂ ਗੁਰਬਾਣੀ ਦੇ ਕੀਰਤਨ ਦਾ ਪ੍ਰਸਾਰਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਵੀ ਤੜਕੇ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਚੈਨਲ ਵੱਲੋਂ ਹੋਰ ਸੋਸ਼ਲ ਮੀਡੀਆ ਮੰਚਾਂ ’ਤੇ ਵੀ ਇਸ ਦਾ ਪ੍ਰਸਾਰਨ ਜਾਰੀ ਹੈ।

Advertisement

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਾਰਨ ਸੇਵਾ ਤੋਂ ਰੋਕੇ ਜਾਣ ’ਤੇ ਉਨ੍ਹਾਂ ਪ੍ਰਸਾਰਨ ਬੰਦ ਕੀਤਾ ਸੀ, ਪਰ ਸ਼ਰਧਾਲੂਆਂ ਵੱਲੋਂ ਇਸ ਦੀ ਭਰਵੀਂ ਮੰਗ ਕੀਤੀ ਗਈ ਹੈ। ਸ਼ਰਧਾਲੂਆਂ ਦੀ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਕੀਰਤਨ ਦਾ ਸਿੱਧਾ ਪ੍ਰਸਾਰਨ ਮੁੜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਇੱਕ ਵੀਡੀਓ ਸੁਨੇਹੇ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਦੀ ਇਸ ਸੇਵਾ ਵਿੱਚ ਆਪਣਾ ਹਿੱਸਾ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਇਹ ਸੇਵਾ ਕਰਨ ਤੋਂ ਨਾ ਰੋਕਿਆ ਜਾਵੇ, ਸਗੋਂ ਇਸ ਮਾਮਲੇ ਵਿੱਚ ਲੋੜੀਂਦੀ ਪ੍ਰਵਾਨਗੀ ਦਿੱਤੀ ਜਾਵੇ।

ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਈ ਦਹਾਕਿਆਂ ਤੋਂ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਸਬੰਧੀ ਇਸ ਸੇਵਾ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੂੰ ਮਰਿਆਦਾ ਸਬੰਧੀ ਪੂਰਨ ਗਿਆਨ ਹੈ। ਜਦੋਂ ਵੀ ਨਿੱਜੀ ਚੈਨਲ ਤੋਂ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਕੀਤਾ ਜਾਂਦਾ ਹੈ ਤਾਂ 15 ਮਿੰਟ ਪਹਿਲਾਂ ਅਤੇ 15 ਮਿੰਟ ਬਾਅਦ ਵਿੱਚ ਕੋਈ ਵੀ ਇਸ਼ਤਿਹਾਰ (ਐਡਵਰਟਾਈਜ਼ਮੈਂਟ) ਨਹੀਂ ਦਿੱਤਾ ਜਾਂਦਾ। ਉਹ ਇਸ ਮਾਮਲੇ ਵਿੱਚ ਮਰਿਆਦਾ ਦਾ ਪੂਰਾ ਧਿਆਨ ਰੱਖਣ ਦਾ ਯਤਨ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਇੱਕ ਭਾਵੁਕ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਸੇਵਾ ਤੋਂ ਨਾ ਰੋਕਿਆ ਜਾਵੇ, ਸਗੋਂ ਇਸ ਸੇਵਾ ਲਈ ਸਹਿਯੋਗ ਦਿੱਤਾ ਜਾਵੇ।

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਆਪਣੇ ਯੂਟਿਊਬ ਚੈਨਲ ਰਾਹੀਂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੀਟੀਸੀ ਚੈਨਲ ਰਾਹੀਂ ਸੈਟੇਲਾਈਟ ਰਸਤੇ ਪ੍ਰਸਾਰਨ ਕੀਤਾ ਜਾ ਰਿਹਾ ਹੈ। ਇਸ ਚੈਨਲ ਨੂੰ ਫਿਲਹਾਲ ਆਰਜ਼ੀ ਤੌਰ ’ਤੇ ਇਹ ਸੇਵਾ ਸੌਂਪੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦੀ ਵੀ ਪ੍ਰਕਿਰਿਆ ਆਰੰਭੀ ਹੋਈ ਹੈ, ਜਿਸ ਨੂੰ ਫਿਲਹਾਲ ਕੇਂਦਰੀ ਪ੍ਰਸਾਰਨ ਮੰਤਰਾਲੇ ਵੱਲੋਂ ਹਰੀ ਝੰਡੀ ਨਹੀਂ ਮਿਲੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਕੇਂਦਰੀ ਪ੍ਰਸਾਰਨ ਮੰਤਰੀ ਨਾਲ ਵੀ ਮੁਲਾਕਾਤ ਕੀਤੀ ਗਈ ਸੀ, ਪਰ ਇਸ ਸਬੰਧੀ ਨਿਯਮਾਂ ਦੇ ਮੁਤਾਬਕ ਸ਼੍ਰੋਮਣੀ ਕਮੇਟੀ ਨੂੰ ਸੈਟੇਲਾਈਟ ਚੈਨਲ ਸ਼ੁਰੂ ਕਰਨ ਸਬੰਧੀ ਪ੍ਰਵਾਨਗੀ ਮਿਲਣਾ ਮੁਸ਼ਕਿਲ ਹੈ।

ਦੱਸਣਯੋਗ ਹੈ ਕਿ 2023 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਸ ਵੇਲੇ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸ਼ੁਰੂ ਕਰਨ ਅਤੇ ਨਿੱਜੀ ਚੈਨਲ ਨੂੰ ਦਿੱਤੇ ਹੋਏ ਹੱਕ ਵਾਪਸ ਲੈਣ ਲਈ ਆਦੇਸ਼ ਦਿੱਤੇ ਗਏ ਸਨ। 2023 ਵਿੱਚ ਸ਼੍ਰੋਮਣੀ ਕਮੇਟੀ ਅਤੇ ਨਿੱਜੀ ਚੈਨਲ ਵਿਚਾਲੇ ਹੋਏ ਇਕਰਾਰਨਾਮੇ ਦੀ ਮਿਆਦ ਖ਼ਤਮ ਹੋ ਗਈ ਸੀ। ਪਰ ਸ਼੍ਰੋਮਣੀ ਕਮੇਟੀ ਆਪਣਾ ਨਿੱਜੀ ਸੈਟੇਲਾਈਟ ਚੈਨਲ ਸ਼ੁਰੂ ਕਰਨ ਵਿੱਚ ਅਸਫ਼ਲ ਰਹੀ ਸੀ, ਤਾਂ ਆਰਜ਼ੀ ਤੌਰ ’ਤੇ ਮੁੜ ਉਕਤ ਨਿੱਜੀ ਚੈਨਲ ਨੂੰ ਹੀ ਪ੍ਰਸਾਰਨ ਦੇ ਆਰਜ਼ੀ ਹੱਕ ਦਿੱਤੇ ਗਏ ਸਨ।

ਹੁਣ ਇਹ ਮਾਮਲਾ ਉਸ ਵੇਲੇ ਮੁੜ ਚਰਚਾ ਦਾ ਵਿਸ਼ਾ ਬਣਿਆ ਹੈ ਜਦੋਂ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਇਸ ਮਾਮਲੇ ’ਤੇ ਸਵਾਲ-ਜਵਾਬ ਕੀਤੇ ਗਏ। ਕੁਝ ਲੋਕਾਂ ਵੱਲੋਂ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ’ਤੇ ਨਿੱਜੀ ਚੈਨਲ ਤੋਂ ਬਣਦਾ ਬਕਾਇਆ ਨਾ ਲੈਣ ਦਾ ਵੀ ਦੋਸ਼ ਲਾਇਆ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕੀਤਾ ਸੀ।

Advertisement
×