Gurdwara Manji Sahib (Alamgir) attack: ਜਥੇਦਾਰ ਗੜਗੱਜ ਵੱਲੋਂ ਗੁਰੂ ਘਰਾਂ ਨੇੜੇ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਦੇ ਆਦੇਸ਼
ਸ਼੍ਰੋਮਣੀ ਕਮੇਟੀ ਨੂੰ ਦਿੱਤੇ ਨਜਾਇਜ਼ ਕਬਜ਼ੇ ਰੋਕਣ ਤੇ AI ਦੀ ਦੁਰਵਰਤੋਂ ਤੋਂ ਬਚਣ ਦੇ ਹੁਕਮ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ’ਤੇ ਕੁਝ ਲੋਕਾਂ ਵੱਲੋਂ ਇੱਟਾਂ-ਰੋੜਿਆਂ ਨਾਲ ਕੀਤੇ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪ੍ਰਬੰਧਕਾਂ, ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਆਗੂਆਂ ਨੇ ਮੁਲਜ਼ਮਾਂ ਨੂੰ ਜੇਲ੍ਹ ਭਿਜਵਾ ਕੇ ਕਬਜ਼ੇ ਖਾਲੀ ਕਰਵਾ ਦਿੱਤੇ ਹਨ, ਪਰ ਇਸ ਘਟਨਾ ਪਿੱਛੇ ਕੰਮ ਕਰਦੀ ਮਾਨਸਿਕਤਾ ਪੰਜਾਬ ਦੀ ਭਾਈਚਾਰਕ ਸਾਂਝ ਲਈ ਚਿੰਤਾਜਨਕ ਹੈ। ਸੂਬਾ ਸਰਕਾਰ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਬਾਹਰੀ ਵਿਅਕਤੀ ਗ਼ੈਰ-ਕਾਨੂੰਨੀ ਕਬਜ਼ੇ ਨਾ ਕਰੇ। ਉਨ੍ਹਾਂ ਇਸ ਨੂੰ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਕਰਾਰ ਦਿੱਤਾ।
ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਪਾਸੋਂ ਸਮੁੱਚੀ ਰਿਪੋਰਟ ਮੰਗਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਨਾਲ ਹੀ, ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨਾਲ ਲਿਖਾਪੜ੍ਹੀ ਕਰਕੇ ਇਤਿਹਾਸਕ ਗੁਰੂ ਘਰਾਂ ਨੇੜੇ ਨਜਾਇਜ਼ ਕਬਜ਼ੇ ਰੋਕਣ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਤੋਂ ਹਰ ਲੋੜਵੰਦ ਨੂੰ ਲੰਗਰ ਛਕਾਇਆ ਜਾਂਦਾ ਹੈ, ਪਰ ਜੇਕਰ ਕੋਈ ਧਾੜਵੀ ਬਣ ਕੇ ਹਮਲਾ ਕਰੇਗਾ ਤਾਂ ਸਿੱਖ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਤੋਂ ਇਲਾਵਾ, ਉਨ੍ਹਾਂ ਘਟਨਾ ਨਾਲ ਜੋੜ ਕੇ AI (ਏ-ਆਈ) ਰਾਹੀਂ ਨਕਲੀ ਤਸਵੀਰਾਂ ਵਾਇਰਲ ਕਰਨ ’ਤੇ ਚਿੰਤਾ ਜਤਾਈ ਅਤੇ ਮਾਹੌਲ ਖਰਾਬ ਹੋਣ ਤੋਂ ਬਚਣ ਲਈ ਤਕਨਾਲੋਜੀ ਦੀ ਸਕਾਰਾਤਮਕ ਵਰਤੋਂ ਕਰਨ ਦੀ ਅਪੀਲ ਕੀਤੀ।
ਐਡਵੋਕੇਟ ਧਾਮੀ ਨੇ ਵੀ ਹਮਲੇ ਦੀ ਨਿੰਦਾ ਕਰਦਿਆਂ ਕਾਰਵਾਈ ਦੀ ਕੀਤੀ ਮੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ’ਚ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਕੇ ਲੰਗਰ ਦੀ ਸੇਵਾ ਵਾਲੀ ਥਾਂ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਗੁਰਦੁਆਰਾ ਸਾਹਿਬ ਸੰਗਤ ਲਈ ਆਸਥਾ ਤੇ ਬਰਾਬਰੀ ਦਾ ਕੇਂਦਰ ਹਨ। ਧਾਮੀ ਨੇ ਹਲਕਾ ਮੈਂਬਰ ਤੇ ਮੈਨੇਜਰ ਨੂੰ ਨਿਰਦੇਸ਼ ਦੇਣ ਦੇ ਨਾਲ-ਨਾਲ ਪੁਲੀਸ ਪ੍ਰਸ਼ਾਸਨ ਕੋਲੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

