ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਮੁੜ ਹੋਵੇਗੀ ਸ਼ੁਰੂ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਉੱਤਰਾਖੰਡ ਸਰਕਾਰ ਵੱਲੋਂ ਯਾਤਰੀਆਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਾਰ ਧਾਮ ਯਾਤਰਾ ਅਤੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਇੱਕ ਸਤੰਬਰ ਤੋਂ 5 ਸਤੰਬਰ ਤੱਕ ਬੰਦ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਵਿੱਚ ਵਧੇਰੇ ਬਾਰਿਸ਼ਾਂ ਦਾ ਅਲਰਟ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਵੱਲੋਂ ਇਹ ਯਾਤਰਾ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਉਹ ਯਤਨ ਕਰ ਰਹੇ ਹਨ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਪੰਜ ਸਤੰਬਰ ਤੋਂ ਸ਼ੁਰੂ ਹੋ ਜਾਵੇ। ਜੇਕਰ ਮੌਸਮ ਠੀਕ ਰਹਿੰਦਾ ਹੈ ਤਾਂ ਯਾਤਰਾ ਪੰਜ ਸਤੰਬਰ ਤੋਂ ਸ਼ੁਰੂ ਹੋਵੇਗੀ ਨਹੀਂ ਤਾਂ ਪੰਜ ਸਤੰਬਰ ਤੋਂ ਬਾਅਦ ਆਰੰਭ ਹੋ ਜਾਵੇਗੀ।
ਦੱਸਣਯੋਗ ਹੈ ਕਿ ਇਹ ਸਾਲਾਨਾ ਯਾਤਰਾ ਦਸ ਅਕਤੂਬਰ ਨੂੰ ਖਤਮ ਕਰਨ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ ਸੰਗਤ ਲਈ ਬੰਦ ਕਰਨ ਦਾ ਫੈਸਲਾ ਕੀਤਾ ਜਾ ਚੁੱਕਿਆ ਹੈ।
ਹੁਣ ਤੱਕ ਲਗਭਗ ਢਾਈ ਲੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਕੇ ਲਗਭਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ।
ਇਸ ਵਾਰ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੋਵੇਂ ਪਹਾੜੀ ਰਾਜਾਂ ਵਿੱਚ ਵਧੇਰੇ ਬਾਰਿਸ਼ਾਂ, ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ ਵਧੇਰੇ ਨੁਕਸਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਗੁਰਦੁਆਰਾ ਸ੍ਰੀ ਮਨੀਕਰਨ ਸਾਹਿਬ ਦੀ ਯਾਤਰਾ ਵੀ ਵਧੇਰੇ ਬਾਰਿਸ਼ਾਂ ਕਾਰਨ ਪ੍ਰਭਾਵਤ ਹੋਈ ਹੈ।