ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਅਕਤੂਬਰ
ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਆਰੰਭੀ ਗਈ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਨਾਨਕਸਰ ਪਿੰਡ ਸੌੜੀਆਂ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ-ਸੰਚਾਰ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਹਰ ਹਲਕੇ ਵਿੱਚ ਅੰਮ੍ਰਿਤ-ਸੰਚਾਰ ਤੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭੀ ਸੀ, ਜਿਸ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਤੇ ਬੀਬੀ ਬਲਵਿੰਦਰ ਕੌਰ ਲੋਪੋਕੇ ਵੱਲੋਂ ਅੱਜ ਦਾ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਤਾਬਦੀ ਦਿਹਾੜੇ ਨਵੀਂ ਪੀੜ੍ਹੀ ਨੂੰ ਆਪਣੇ ਧਰਮ ਇਤਿਹਾਸ ਨਾਲ ਜੋੜਨ ਲਈ ਅਹਿਮ ਹੁੰਦੇ ਹਨ। 30 ਅਕਤੂਬਰ ਨੂੰ ਆ ਰਹੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਖਾਲਸਾ ਪੰਥ ਵੱਲੋਂ ਪੰਥਕ ਜ਼ਜਬੇ ਨਾਲ ਮਨਾਈ ਜਾਵੇਗੀ, ਜਿਸ ਤਹਿਤ ਵੱਖ-ਵੱਖ ਹਲਕਿਆਂ ’ਚ ਸਮਾਗਮ ਕਰ ਕੇ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮਾਗਮ ਦੌਰਾਨ ਅੰਮ੍ਰਿਤਧਾਰੀ ਬਨਣ ਵਾਲੇ ਪ੍ਰਾਣੀਆਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਹਲਕਾ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਹਲਕੇ ਅੰਦਰ ਧਰਮ ਪ੍ਰਚਾਰ ਦੀ ਲਹਿਰ ਨਿਰੰਤਰ ਜਾਰੀ ਰੱਖੀ ਜਾਵੇਗੀ ਅਤੇ ਖਾਸ ਕਰਕੇ ਸਿੱਖ ਨੌਜਵਾਨੀ ਨੂੰ ਸਿੱਖ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕੇ ਜਾਣਗੇ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨੂੰ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਰਾਗੀ, ਢਾਡੀ, ਕਵੀਸ਼ਰ ਜਥਿਆਂ ਤੇ ਪ੍ਰਚਾਰਕਾਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਅਕਾਲੀ ਆਗੂ ਵੀਰ ਸਿੰਘ ਲੋਪੋਕੇ, ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਬਲਵਿੰਦਰ ਕੌਰ ਲੋਪੋਕੇ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਰਾਣਾ ਰਣਬੀਰ ਸਿੰਘ ਲੋਪੋਕੇ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ।