ਪੱਤਰ ਪ੍ਰੇਰਕ
ਅੰਮ੍ਰਿਤਸਰ, 25 ਜੂਨ
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਭਾਈ ਹਰਮਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਬਾਰੇ ਗੱਲ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਰਾਜ ਦੇ ਉਸਰਈਏ ਸਨ, ਜਿਨ੍ਹਾਂ ਨੇ ਜ਼ਾਲਮਾਂ ਨੂੰ ਸੋਧ ਕੇ ਸਿੱਖ ਰਾਜ ਕਾਇਮ ਕੀਤਾ ਅਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਮੌਜੂਦ ਸਨ।
ਬੰਦਾ ਸਿੰਘ ਬਹਾਦਰ ਨੇ ਥੋੜ੍ਹੇ ਸਮੇਂ ਵਿੱਚ ਮਹਾਨ ਕਾਰਜ ਕੀਤੇ: ਜਥੇਦਾਰ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਬੰਦਾ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਯੋਧੇ ਤੇ ਜਰਨੈਲ ਸਨ ਜਿਨ੍ਹਾਂ ਨੇ ਪੰਜਾਬ ਦੀ ਧਰਤੀ ’ਤੇ ਰਾਜ ਸਥਾਪਤ ਕਰਕੇ ਸਿੱਖ ਬਾਦਸ਼ਾਹਤ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦਾ ਰਾਜ ਕਾਲ ਦਾ ਸਮਾਂ ਥੋੜ੍ਹਾ ਸੀ, ਪਰ ਫਿਰ ਵੀ ਮਹਾਨ ਕਾਰਜ ਕੀਤੇ। ਘੱਟ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ। ਉਨ੍ਹਾਂ ਕਿਹਾ ਕਿ ਮੁਗਲ ਸਾਮਰਾਜ ਨਾਲ ਟੱਕਰ ਲਈ ਅਤੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾਈ। ਉਨ੍ਹਾਂ ਕਿਹਾ ਕਿ ਮੁਗਲ ਹਕੂਮਤ ਨੇ ਦਿੱਲੀ ਵਿੱਚ ਉਨ੍ਹਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ।