ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਵਿਵਾਦਾਂ ’ਚ ਘਿਰੇ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਖ਼ਿਲਾਫ਼ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸ਼ਿਕਾਇਤ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਪ ਕੁਲਪਤੀ ਕਰਮਜੀਤ ਸਿੰਘ ਦੀ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਹੇਠ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਗਈ ਕਮੇਟੀ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਉਪ ਕੁਲਪਤੀ ਕਰਮਜੀਤ ਸਿੰਘ ਆਰਐੱਸਐੱਸ ਮੁਖੀ ਨਾਲ ਵਾਰਤਾ ਕਰ ਰਹੇ ਹਨ, ਜਿਸ ਵਿੱਚ ਉਹ ਸਿੱਖ ਵਿਰੋਧੀ ਵਿਚਾਰਧਾਰਾ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸੰਗਤ ਵੱਲੋਂ ਵੱਡੇ ਪੱਧਰ ’ਤੇ ਇਤਰਾਜ਼ ਪੁੱਜੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਕਾਲ ਤਖ਼ਤ ਦੇ ਜਥੇਦਾਰ ਬਾਰੇ ਸੇਵਾ ਨਿਯਮ ਤਿਆਰ ਕਰਨ ਲਈ ਬਣਾਈ ਗਈ ਕਮੇਟੀ ਦੀ ਮੈਂਬਰਸ਼ਿਪ ਤੋਂ ਹਟਾ ਦਿੱਤਾ ਹੈ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੁਖੀ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਉਪ ਕੁਲਪਤੀ ਕੋਲੋਂ ਜਵਾਬ ਤਲਬੀ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਨੂੰ ਯੂਨੀਵਰਸਿਟੀ ਦੇ ਵੱਡੇ ਅਹੁਦੇ ’ਤੇ ਬੈਠਣ ਦਾ ਕੋਈ ਹੱਕ ਨਹੀਂ ਹੋਣਾ ਚਾਹੀਦਾ।
ਅਧੂਰੀ ਜਾਣਕਾਰੀ ਦੇ ਅਧਾਰ ’ਤੇ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ: ਕਰਮਜੀਤ ਸਿੰਘ