ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਕਰਮਜੀਤ ਸਿੰਘ ਅਕਾਲ ਤਖ਼ਤ ਵਿਖੇ ਪੇਸ਼
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਅੱਜ ਸ੍ਰੀ ਅਕਾਲ ਤਖਤ ਵਿਖੇ ਪੇਸ਼ ਹੋਏ ਅਤੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ। ਅਕਾਲ ਤਖਤ ਵੱਲੋਂ ਉਨ੍ਹਾਂ ਨੂੰ 15 ਦਿਨਾਂ ਵਿੱਚ ਆਪਣਾ ਪੱਖ ਸਪਸ਼ਟ ਕਰਨ ਲਈ ਪੇਸ਼ ਹੋਣ ਵਾਸਤੇ ਆਦੇਸ਼ ਦਿੱਤੇ ਗਏ ਸਨ।
ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਦਿੱਤੀ ਜਾਣਕਾਰੀ ਵਿਚ ਦੱਸਿਆ ਗਿਆ ਹੈ ਕਿ ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵਿਰੁੱਧ ਦੱਖਣ ਭਾਰਤ ਵਿੱਚ ਇੱਕ ਸਮਾਗਮ ਦੌਰਾਨ ਗੁਰਮਤਿ ਫ਼ਲਸਫ਼ੇ ਦੇ ਵਿਰੁੱਧ ਪ੍ਰਗਟਾਵਾ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜੀਆਂ ਸਨ।
ਇਸ ਮਾਮਲੇ ਸਬੰਧੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਵਾਈਸ ਚਾਂਸਲਰ ਨੂੰ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਸੀ। ਡਾ. ਕਰਮਜੀਤ ਸਿੰਘ ਨੇ ਅੱਜ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਨਿੱਜੀ ਅਤੇ ਲਿਖਤੀ ਰੂਪ ਵਿੱਚ ਰੱਖਿਆ। ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਅਗਾਮੀ ਇਕੱਤਰਤਾ ਵਿੱਚ ਵਿਚਾਰ ਕੇ ਫੈਸਲਾ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵੀ ਅਕਾਲ ਤਖਤ ਵਿਖੇ ਸ਼ਿਕਾਇਤ ਕੀਤੀ ਗਈ ਸੀ।
ਇਹ ਮਾਮਲਾ ਉਸ ਵੇਲੇ ਵਧੇਰੇ ਸੁਰਖੀਆਂ ਵਿੱਚ ਆਇਆ ਸੀ ਜਦੋਂ ਇਸ ਸਬੰਧੀ ਇੱਕ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਤੁਰੰਤ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਜਥੇਦਾਰਾਂ ਸਬੰਧੀ ਸੇਵਾ ਨਿਯਮ ਬਣਾਉਣ ਵਾਲੀ ਬਣਾਈ ਗਈ ਕਮੇਟੀ ਦੇ ਮੈਂਬਰ ਵਜੋਂ ਕਮੇਟੀ ’ਚੋਂ ਬਾਹਰ ਕਰ ਦਿੱਤਾ ਗਿਆ ਸੀ।