Guru Ravidas Jayanti: ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
Guru Ravidas Jayanti:
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਫ਼ਰਵਰੀ
Guru Ravidas Jayanti: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ।
ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ। ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਨਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ।
ਉਨ੍ਹਾਂ ਸੰਗਤ ਨੂੰ ਪ੍ਰੇਰਨਾ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਵਿਅਕਤੀ ਆਪਣਾ ਜੀਵਨ ਅਨੰਦਮਈ ਬਣਾ ਸਕਦਾ ਹੈ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਰਿਆੜ, ਗੁਰਿੰਦਰ ਸਿੰਘ ਦੇਵੀਦਾਸਪੁਰ, ਜੁਗਰਾਜ ਸਿੰਘ, ਬਲਵਿੰਦਰ ਸਿੰਘ, ਅਜੇ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।