ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਹਲਫ਼ ਲਿਆ, ਤਰਨ ਤਾਰਨ ਦੇ ਵਿਕਾਸ ਦਾ ਦਿੱਤਾ ਭਰੋਸਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ
ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਹਲਫ਼ ਲਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਧੂ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਇਸ ਸਾਲ ਦੇ ਸ਼ੁਰੂ ਵਿਚ ਸ਼੍ਰੋਮਣੀ ਅਕਾਲੀ ਦਲ ’ਚੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।
ਸੰਧੂ ਇਸ ਤੋਂ ਪਹਿਲਾਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਪਹਿਲੀ ਵਾਰ 2002-07 ਵਿਚ ਆਜ਼ਾਦ ਉਮੀਵਾਰ ਵਜੋਂ ਜਿੱਤੇ ਸਨ ਜਦੋਂਕਿ 2007-12 ਤੇ 2012-17 ਵਿਚ ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਕੀਤੀ। ‘ਆਪ’ ਦੇ ਮੌਜੂਦਾ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਰਕੇ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋੋਣ ਕਰਵਾਉਣ ਦੀ ਲੋੜ ਪਈ ਸੀ।
ਸੰਧੂ ਨੇ 14 ਨਵੰਬਰ ਨੂੰ ਐਲਾਨੇ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਾਰ ਸੁਖਵਿੰਦਰ ਕੌਰ ਰੰਧਾਵਾ ਨੂੰ 12 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਸਹੁੰ ਚੁੱਕਣ ਤੋਂ ਪਹਿਲਾਂ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤਰਨ ਤਾਰਨ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਸਹੁੰ ਚੁੱਕਣ ਮਗਰੋਂ ਬੋਲਦਿਆਂ ਸੰਧੂ ਨੇ ਵੋਟਰਾਂ ਦਾ ਉਨ੍ਹਾਂ ’ਤੇ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਨੂੰ ਸੰਧੂ ਦੇ ਅਮੀਰ ਤਜਰਬੇ ਦਾ ਲਾਭ ਮਿਲੇਗਾ।

