ਪੱਤਰ ਪ੍ਰੇਰਕ
ਅੰਮ੍ਰਿਤਸਰ, 12 ਜੁਲਾਈ
ਅਧਿਆਪਕ ਜਥੇਬੰਦੀ ਡੀਟੀਐਫ ਨੇ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀ ਆਨਲਾਈਨ ਬਦਲੀ ਨੀਤੀ ਵਿਚ ਪਾਰਦਰਸ਼ਤਾ ਨਾ ਰੱਖਣ, ਡੇਟਾ ਦਰੁਸਤੀ ਦਾ ਮੌਕਾ ਨਾ ਦੇਣ ਅਤੇ ਸਟੇਸ਼ਨ ਚੋਣ ਲਈ ਢੁੱਕਵਾਂ ਸਮਾਂ ਨਾ ਦੇਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕੋਲੋਂ ਮਾਮਲੇ ਵਿੱਚ ਦਖਲ ਦੇਣ ਅਤੇ ਪੀੜਤ ਅਧਿਆਪਕਾ ਨੂੰ ਰਾਹਤ ਦੇਣ ਦੀ ਮੰਗ ਕੀਤੀ ਹੈ।
ਡੀਟੀਐਫ ਦੇ ਸੂਬਾਈ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜਰਮਨਜੀਤ ਸਿੰਘ, ਗੁਰਬਿੰਦਰ ਸਿੰਘ ਖਹਿਰਾ, ਚਰਨਜੀਤ ਸਿੰਘ ਰਾਜਧਾਨ, ਹਰਜਾਪ ਸਿੰਘ ਬੱਲ, ਗੁਰਦੇਵ ਸਿੰਘ, ਰਾਜੇਸ਼ ਕੁਮਾਰ ਪਰਾਸ਼ਰ ਨੇ ਦੱਸਿਆ ਕਿ ਡੀਪੀਆਈ (ਸੈਕੰਡਰੀ ਸਿੱਖਿਆ) ਦੇ ਅਧਿਕਾਰੀਆਂ ਵਲੋਂ ਮਨਮਾਨੀ ਕਰਦਿਆਂ, ਇਸ ਵਾਰ ਬਦਲੀ ਪ੍ਰਕਿਰਿਆ ਦੌਰਾਨ ਜਿੱਥੇ ਅਧਿਆਪਕਾਂ ਨੂੰ ਡੇਟਾ ਦਰੁਸਤ ਕਰਨ ਦਾ ਸਮਾਂ ਨਹੀਂ ਦਿੱਤਾ ਗਿਆ, ਉੱਥੇ ਸਟੇਸ਼ਨ ਚੋਣ ਲਈ ਵੀ ਕੇਵਲ ਇੱਕ ਦਿਨ ਦਾ ਸਮਾਂ ਦੇ ਕੇ ਬੁੱਤਾ ਸਾਰਿਆ ਗਿਆ ਹੈ। ਉਨਾਂ ਨੇ ਸਿੱਖਿਆ ਵਿਭਾਗ ਦੀ ਇਸ ਕਾਰਵਾਈ ਨੂੰ ਅਧਿਆਪਕਾਂ ਦੀ ਖੱਜਲ-ਖੁਆਰੀ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਇਸ ਕਾਰਨ ਵੱਡੀ ਗਿਣਤੀ ਅਧਿਆਪਕ ਸਟੇਸ਼ਨ ਚੋਣ ਹੀ ਨਹੀਂ ਕਰ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਆਨ ਲਾਈਨ ਸਿਸਟਮ ਰਾਹੀਂ ਰਾਹਤ ਦੇਣ ਦੀ ਥਾਂ ਵਿਭਾਗੀ ਅਣਗਹਿਲੀ ਨੇ ਅਧਿਆਪਕਾਂ ਸਾਹਮਣੇ ਨਵੀਆਂ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਆਗੂਆਂ ਨੇ ਇਸ ਸਭ ਲਈ ਸਿੱਖਿਆ ਵਿਭਾਗ ਦੀ ਮਾੜੀ ਯੋਜਨਾਬੰਦੀ ਨੂੰ ਜ਼ਿੰਮੇਵਾਰ ਕਰਾਰ ਦਿੱਤਾ।