ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਹਤ ਮੰਤਰੀ ਬਲਬੀਰ ਸਿੰਘ ਨੇ ਅੰਮ੍ਰਿਤਸਰ ਵਿਚ ਲਹਿਰਾਇਆ ਤਿਰੰਗਾ ਝੰਡਾ

ਲੋੜਵੰਦਾਂ ਨੂੰ ਟਰਾਈਸਾਈਕਲ ਵੰਡੇ; ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਰਹੇ ਮੌਜੂਦ
Advertisement

ਦੇਸ਼ ਦੀ ਆਜ਼ਾਦੀ ਦੀ 79ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਮੰਤਰੀ ਡਾਕਟਰ ਬਲਬੀਰ ਨੇ ਤਿਰੰਗਾ ਲਹਿਰਾਇਆ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਆਰਥਿਕ ਖੁਸ਼ਹਾਲੀ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਸਾਨੀ ਦੀ ਦਿਸ਼ਾ ਅਤੇ ਦਸ਼ਾ ਬਦਲੀ ਜਾਵੇਗੀ। ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਫੈਸਲੇ ਲਾਗੂ ਕੀਤੇ ਹਨ।

Advertisement

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। 19 ਨਵੰਬਰ ਤੋਂ ਲੈ ਕੇ 25 ਨਵੰਬਰ ਤੱਕ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਜੰਗਲਾਤ ਵਿਭਾਗ ਦੀ ਪਹਿਲਕਦਮੀ ਤਹਿਤ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ ਹਰੇਕ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸਮੂਹ ਪੰਜਾਬੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਣਾ ਕੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਜਾਵੇਗਾ। ਇਹ ਸਕੀਮ 2 ਅਕਤੂਬਰ, 2025 ਤੋਂ ਲਾਗੂ ਹੋ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਵਿੱਚ ਹੁਣ 1,700 ਐੱਮਬੀਬੀਐਸ ਸੀਟਾਂ ਹਨ, ਜਿਨ੍ਹਾਂ ਵਿੱਚੋਂ 850 ਸਰਕਾਰੀ ਸੰਸਥਾਵਾਂ ਵਿੱਚ ਹਨ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਛੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ ਜਿਨ੍ਹਾਂ ਵਿੱਚ ਸੰਗਰੂਰ, ਕਪੂਰਥਲਾ, ਹੁਸ਼ਿਆਰਪੁਰ, ਮੋਗਾ, ਐਸਬੀਐਸ ਨਗਰ ਅਤੇ ਮਲੇਰਕੋਟਲਾ ਸ਼ਾਮਲ ਹਨ। ਇਸ ਦੇ ਨਾਲ ਹੀ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਐਂਟੀ-ਡਰੋਨ ਪ੍ਰਣਾਲੀ (ਏਡੀਐੱਸ) ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। 190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ 'ਤੇ ਤਿਆਰੀਆਂ ਜ਼ੋਰਾਂ ਨਾਲ ਜਾਰੀ ਹਨ। ਸੂਬਾ ਸਰਕਾਰ ਵੱਲੋਂ ‘ਜੀਵਨਜੋਤ ਪ੍ਰੋਜੈਕਟ’ ਰਾਹੀਂ ਸੜਕਾਂ ’ਤੇ ਭੀਖ ਮੰਗਦੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖ਼ਲ ਕਰਵਾ ਕੇ ਉੱਚ ਮਿਆਰੀ ਸਿੱਖਿਆ ਦੇਣ ਅਤੇ ਬਾਲ ਤਸਕਰੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਇਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਜ਼ਿਲ੍ਹੇ ਵਿੱਚ ਸ਼ੁਰੂ ਕੀਤੀਆਂ ਨਵੀਆਂ ਪਹਿਕਦਮੀਆਂ ਜਿਵੇਂ ਕਿ ਫਿਊਚਰ ਟਾਈਕੂਨ, ਆਈ ਅਸਪਾਇਰ ਪ੍ਰੋਗਰਾਮ, 1700 ਤੋਂ ਵੱਧ ਟੀ.ਬੀ. ਮਰੀਜ਼ਾਂ ਨੂੰ ਖੁਰਾਕ ਲਈ ਗੋਦ ਲੈਣ, ਜ਼ਿਲ੍ਹੇ ਦੇ 100 ਪਰਾਲੀ ਨਾ ਸਾੜ੍ਹਨ ਵਾਲੇ ਕਿਸਾਨਾਂ ਨੂੰ ਕਿਸਾਨ ਹੀਰੋ ਸਨਮਾਨ ਦੇਣ ਅਤੇ ਇਸ ਸਾਲ ਵੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਤਰਜੀਹੀ ਕਾਰਡ ਦਿੱਤੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਸਾਲਾਂ ਸ਼ਹੀਦੀ ਦਿਵਸ ਨੂੰ ਲੈ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਦਾ ਵਿਕਾਸ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਅੰਮ੍ਰਿਸਤਰ ਵਿਖੇ ਵੱਡੇ ਪੱਧਰ ’ਤੇ ਸਮਾਗਮ ਉਲੀਕੇ ਜਾਣਗੇ। ਸਿਹਤ ਮੰਤਰੀ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਵੀ ਵੰਡੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

 

 

Advertisement