Hemkunt Sahib Yatra: ਉਤਰਾਖੰਡ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰਨਾ ਤੇ ਬੇਇੱਜ਼ਤ ਕਰਨਾ ਮੰਦਭਾਗਾ: ਧਾਮੀ
ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਨੌਜਵਾਨਾਂ ਨੂੰ ਇਨਸਾਫ਼ ਦੇਣ ਦੀ ਮੰਗ
Uttarakhand Police Humiliate Sikh Youths: ਉਤਰਾਖੰਡ ਦੇ ਕਰਨਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਪੁਲੀਸ ਵੱਲੋਂ ਕੀਤੀ ਗਈ ਇਕਪਾਸੜ ਕਾਰਵਾਈ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਲਈ ਆਖਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕਿਰਪਾਨ ਉਨ੍ਹਾਂ ਦੇ ਧਾਰਮਿਕ ਕਕਾਰ ਹਨ, ਜਿਨ੍ਹਾਂ ਨੂੰ ਪਹਿਨਣ ਦਾ ਸਿੱਖਾਂ ਨੂੰ ਸੰਵਿਧਾਨਕ ਹੱਕ ਹਾਸਲ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਸਰਕਾਰੀ ਅਧਿਕਾਰੀਆਂ ਦੀ ਵੀ ਸੰਵਿਧਾਨਕ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤਾਜ਼ਾ ਘਟਨਾ ਵਿਚ ਪਹਿਲਾਂ ਕੁਝ ਸਥਾਨਕ ਲੋਕਾਂ ਵੱਲੋਂ ਸਿੱਖ ਨੌਜਵਾਨਾਂ ’ਤੇ ਹਮਲਾ ਕੀਤਾ ਗਿਆ, ਜਿਸ ਦੇ ਵਿਰੋਧ ਵਿਚ ਝਗੜਾ ਵਧਿਆ। ਪੁਲੀਸ ਵੱਲੋਂ ਨਿਰਪੱਖ ਕਾਰਵਾਈ ਕਰਨ ਦੀ ਥਾਂ ਸਿੱਖ ਸ਼ਰਧਾਲੂਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਬਹੁਤ ਹੀ ਮੰਦਭਾਗਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾਣ ਵਾਲੀ ਸਿੱਖ ਸੰਗਤ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣਾ ਉਤਰਾਖੰਡ ਸਰਕਾਰ ਦੀ ਜ਼ਿੰਮੇਵਾਰੀ ਹੈ। ਕਿਸੇ ਵੀ ਸਥਿਤੀ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਸੰਗਤ ਨੂੰ ਸ਼ਾਂਤੀ, ਸੰਜਮ ਅਤੇ ਇਕਜੁੱਟਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਭੜਕਾਹਟ ਵਿੱਚ ਨਾ ਆਉਣ। ਉਨ੍ਹਾਂ ਸਥਾਨਕ ਸਿੱਖ ਆਗੂਆਂ ਨੂੰ ਵੀ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਤੱਕ ਪਹੁੰਚ ਕਰਕੇ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਆਖਿਆ। ਉਨ੍ਹਾਂ ਉਤਰਾਖੰਡ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਭੜਕਾਊ ਬਿਆਨਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ’ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤੀ।
