ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 6 ਅਗਸਤ
ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਅੱਜ ‘ਪ੍ਰਧਾਨ ਮੰਤਰੀ ਆਵਾਸ ਯੋਜਨਾ’ ਅਧੀਨ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵੱਖ-ਵੱਖ ਵਾਰਡਾਂ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਆਪਣੇ ਨਵੇਂ ਮਕਾਨ ਬਣਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਾਧੇ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੀ ਕਿਸ਼ਤ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨ ਸਬੰਧੀ ਪੱਤਰ ਦਿੱਤੇ ਗਏ। ਇਹ ਵਿੱਤੀ ਸਹਾਇਤਾ ਉਨ੍ਹਾਂ ਲੋੜਵੰਦ ਪਰਿਵਾਰਾਂ ਲਈ ਹੈ, ਜਿਨ੍ਹਾਂ ਕੋਲ ਆਪਣਾ ਘਰ ਬਣਾਉਣ ਲਈ ਕੋਈ ਵਸੀਲਾ ਨਹੀਂ ਹੈ ਜਾਂ ਜਿਨ੍ਹਾਂ ਦੇ ਘਰਾਂ ਵਿੱਚ ਪੁਰਾਣੀਆਂ ਬਾਲਿਆਂ ਵਾਲੀਆਂ ਛੱਤਾਂ ਹਨ। ਮੇਅਰ ਰਿੰਟੂ ਨੇ ਕਿਹਾ ਕਿ ਸਰਕਾਰ ਵੱਲੋਂ ਮਕਾਨ ਦੀ ਉਸਾਰੀ ਵੇਲੇ ਨੀਹਾਂ ਪੁੱਟਣ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਵਿਸ਼ੇਸ਼ ਤੌਰ ’ਤੇ 25 ਹਜ਼ਾਰ ਰੁਪਏ ਦੀ ਹੋਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।