ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਅਕਤੂਬਰ
ਭਾਜਪਾ ਆਗੂ ਡਾ. ਜਗਮੋਹਨ ਸਿੰਘ ਰਾਜੂ ਨੇ ਅੱਜ ਇੱਥੇ ਕੇਐਸ ਰਾਜੂ ਲੀਗਲ ਟਰੱਸਟ ਦੇ ਝੰਡੇ ਹੇਠ ਇਕ ਦਿਨ ਦੀ ਭੁੱਖ ਹੜਤਾਲ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਕਾਰਵਾਈ ਕਰਨ ਵਾਸਤੇ ‘ਜਗਾਉਣ’ ਦੀ ਕੋਸ਼ਿਸ਼ ਕੀਤੀ। ਇਸ ਭੁੱਖ ਹੜਤਾਲ ਵਿੱਚ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਕਾਰਕੁਨਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਭਾਜਪਾ ਆਗੂ ਡਾ. ਰਾਜੂ ਨੇ ਕਿਹਾ ਕਿ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਕਾਰਨ ਲੋਕ ਦਹਿਸ਼ਤ ਵਿਚ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ‘ਆਪ’ ਦੀ ਸਰਕਾਰ ਨਸ਼ਿਆਂ ’ਤੇ ਰੋਕ ਲਾਉਣ ਵਿੱਚ ਬੁਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਨਸ਼ਿਆਂ ਦੇ ਕਾਰਨ ਸੂਬੇ ਵਿੱਚ ਜਵਾਨੀ ਤਬਾਹ ਹੋ ਰਹੀ ਹੈ। ਹਾਲਾਤ ਇਹ ਹਨ ਕਿ ਹੁਣ ਕੁੜੀਆਂ ਵੀ ਨਸ਼ਾ ਕਰ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਵੀਡੀਓ ਵੀ ਵਾਇਰਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਦੋ ਸਾਲਾਂ ਵਿੱਚ ਸ਼ਰਾਬ ਦੀ ਏਨੀ ਵਿੱਕਰੀ ਨਹੀਂ ਹੋਈ ਸੀ ਜਿੰਨੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਛੇ ਮਹੀਨੇ ਦੇ ਕਾਰਜਕਾਲ ਦੌਰਾਨ ਹੋਈ ਹੈ। ਇਸ ਤੋਂ ਸਰਕਾਰ ਨੂੰ ਚਾਰ ਕਰੋੜ ਰੁਪਏ ਦਾ ਮੁਨਾਫ਼ਾ ਹੋਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਉਹ ਇਸ ਮਾਮਲੇ ਨੂੰ ਅਦਾਲਤ ਵਿੱਚ ਵੀ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀ ਮੌਤ ਕਾਰਨ ਉਹ ਇਸ ਵਾਰ ਦੀਵਾਲੀ ਨਹੀਂ ਮਨਾਉਣਗੇ।