
ਵੱਲਾ ਵਿੱਚ ਰੇਲਵੇ ਪੁਲ ਦਾ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਵਿਸ਼ਾਲ ਕੁਮਾਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਮਾਰਚ
ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਹੈ ਜਿਸ ਕਾਰਨ ਹੀ ਕੇਂਦਰ ਸਰਕਾਰ ਵੱਲੋਂ ਸੂਬੇ ਵਿਚ ਜੀ-20 ਸੰਮੇਲਨ ਕਰਵਾਇਆ ਗਿਆ।
ਉਨ੍ਹਾਂ ਇਥੇ ਵੱਲਾ ਵਿਚ ਰੇਲਵੇ ਲਾਈਨਾਂ ’ਤੇ ਪੁਲ ਦਾ ਉਦਘਾਟਨ ਕੀਤਾ। ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਠੀਕ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਇੰਟਰਵਿਊ ਦਾ ਮਾਮਲਾ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸੂਬੇ ਦੇ ਡੀਜੀਪੀ ਵੱਲੋਂ ਪਹਿਲਾਂ ਹੀ ਸਪਸ਼ਟ ਕੀਤਾ ਜਾ ਚੁੱਕਾ ਹੈ ਕਿ ਇਹ ਇੰਟਰਵਿਊ ਪੰਜਾਬ ਦੀ ਕਿਸੇ ਜੇਲ੍ਹ ਵਿਚੋਂ ਨਹੀਂ ਹੋਈ। ਅੰਮ੍ਰਿਤਸਰ ਵਿੱਚ ਵਿਕਾਸ ਅਤੇ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦਾ ਵਿਕਾਸ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ ਜਿਸ ਅਨੁਸਾਰ ਸ਼ਹਿਰ ਦਾ ਵਿਕਾਸ ਹੋਵੇਗਾ। ਅੰਮ੍ਰਿਤਸਰ ਵਿਚ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਅਤੇ ਯਾਤਰੀ ਰੋਜ਼ਾਨਾ ਆਉਂਦੇ ਹਨ ਜਿਸ ਕਾਰਨ ਸ਼ਹਿਰ ਵਿੱਚ ਆਵਾਜਾਈ ਦੀ ਵਿਵਸਥਾ ਨੂੰ ਠੀਕ ਕਰਨਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਮੌਕੇ ’ਤੇ ਹਾਜ਼ਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲ ਸੰਕੇਤ ਕਰਦਿਆਂ ਆਖਿਆ ਕਿ ਸਿਆਸੀ ਧਿਰਾਂ ਵਿਚ ਆਪਸੀ ਵਿਚਾਰਕ ਵਖਰੇਵੇਂ ਹੋ ਸਕਦੇ ਹਨ ਪਰ ਸੂਬੇ ਅਤੇ ਸ਼ਹਿਰ ਦੇ ਵਿਕਾਸ ਲਈ ਸਾਰੇ ਇਕਜੁੱਟ ਹਨ। ਦੱਸਣਯੋਗ ਹੈ ਕਿ ਇਹ ਰੇਲਵੇ ਪੁਲ ਪਿਛਲੇ ਕਈ ਸਾਲਾਂ ਤੋਂ ਅੱਧ ਵਿਚਾਲੇ ਲਟਕਿਆ ਹੋਇਆ ਸੀ ਜਿਸ ਕਾਰਨ ਲੋਕ ਪ੍ਰੇਸ਼ਾਨ ਸਨ। ਪੁਲ ਨਾ ਹੋਣ ਕਾਰਨ ਲੋਕਾਂ ਨੂੰ ਕਈ ਕਿਲੋਮੀਟਰ ਘੁੰਮ ਕੇ ਸਬਜ਼ੀ ਮੰਡੀ ਅਤੇ ਗੁਰੂ ਰਾਮਦਾਸ ਹਸਪਤਾਲ ਜਾਣਾ ਪੈਂਦਾ ਸੀ। ਇਸ ਦੌਰਾਨ ਸ੍ਰੀ ਔਜਲਾ ਨੇ ਆਖਿਆ ਕਿ ਇਸ ਪੁਲ ਦੀ ਉਸਾਰੀ ਲਈ ਉਨ੍ਹਾਂ ਸਭ ਤੋਂ ਵੱਧ ਯਤਨ ਕੀਤੇ ਹਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ