ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਮਈ
ਇਤਿਹਾਸਕ ਰਾਮ ਤੀਰਥ ਮੰਦਰ (ਵਾਲਮੀਕਿ ਤੀਰਥ) ਵਿਖੇ ਚਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਨੇ 4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਾਟਰ ਫਿਲਟਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੇ ਵਾਲਮੀਕਿ ਸਮਾਜ ਦੀ ਆਸਥਾ ਇਸ ਤੀਰਥ ਨਾਲ ਜੁੜੀ ਹੈ ਅਤੇ ਇਸ ਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਵਾਟਰ ਫਿਲਟਰੇਸ਼ਨ ਪਲਾਂਟ ਦੇ ਚਾਲੂ ਹੋਣ ਨਾਲ ਆਈਆਂ ਸੰਗਤਾਂ ਨੂੰ ਸਾਫ਼ ਸੁਥਰਾ ਜਲ ਮੁਹੱਈਆ ਹੋਵੇਗਾ। ਇਸ ਤੋਂ ਪਹਿਲਾਂ ਉਹ ਮੰਦਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੂੰ ਸ੍ਰੀ ਵਾਲਮੀਕਿ ਤੀਰਥ ਬੋਰਡ ਦੇ ਮੈਂਬਰਾਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਈ ਜਾਵੇਗੀ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਵਿਧਾਇਕ ਦਲਬੀਰ ਸਿੰਘ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਐੱਸ.ਐੱਸ.ਪੀ. (ਦਿਹਾਤੀ) ਸਵਰਨਦੀਪ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕੋਆਰਡੀਨੇਟਰ ਰਵਿੰਦਰ ਕੁਮਾਰ ਹੰਸ, ਕੁਮਾਰ ਦਰਸ਼ਨ, ਓਮ ਪ੍ਰਕਾਸ਼ ਗੱਬਰ, ਜਨਰਲ ਮੈਨੇਜਰ ਪਵਿੰਦਰ ਕੁਮਾਰ, ਓਮ ਪ੍ਰਕਾਸ ਅਨਾਰਿਆ ਤੋਂ ਇਲਾਵਾ ਸੰਗਤਾਂ ਹਾਜ਼ਰ ਸੀ।