ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 19 ਅਗਸਤ
ਮੇਅਰ ਕਰਮਜੀਤ ਸਿੰਘ, ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਨਗਰ ਨਿਗਮ ਦੇ ਸਿਵਲ ਅਤੇ ਓ.ਐਂਡਐੱਮ. ਵਿਭਾਗ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਹੰਗਾਮੀ ਮੀਟਿੰਗ ਕੀਤੀ। ਮੇਅਰ ਤੇ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸ਼ਹਿਰ ਦੇ ਵਿਕਾਸ ਲਈ ਨਿਗਮ ਹਾਊਸ ਵੱਲੋਂ ਪ੍ਰਵਾਨ ਕੀਤੇ ਗਏ ਸਾਰੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਕੰਮਾਂ ਵਿੱਚ ਗੁਣਵਤਾ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਮੀਟਿੰਗ ਵਿੱਚ ਮੇਅਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਨੇਪੜੇ ਚਾੜ੍ਹਨ ਲਈ ਸੁਸਤੀ ਵਾਲਾ ਰਵੱਈਆ ਛੱਡ ਕੇ ਕੰਮਾਂ ’ਚ ਤੇਜ਼ੀ ਲਿਆਂਦੀ ਜਾਵੇ। ਇਨ੍ਹਾਂ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਮੇਅਰ ਨੇ ਸ਼ਹਿਰ ਵਾਸੀਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਤੇ ਕਰੋਨਾ ਨੇਮਾਂ ਦੀ ਪਾਲਨਾ ਕਰਨ ਦੀ ਅਪੀਲ ਵੀ ਕੀਤੀ।
ਟੈਕਸ ਭਰਨ ਵਾਲਿਆਂ ਨੂੰ ਤੰਗ ਨਾ ਕਰਨ ਦੀ ਹਦਾਇਤ
ਮੇਅਰ ਅਤੇ ਕਮਿਸ਼ਨਰ ਵੱਲੋਂ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਤੋਂ ਹੋਣ ਵਾਲੀ ਆਮਦਨ ਵਿੱਚ ਵਾਧਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ’ਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜਿਸ ਦੌਰਾਨ ਸ਼ਹਿਰ ਦੇ ਵੱਡੇ ਅਦਾਰਿਆ ਵਲੋਂ ਭਰੇ ਜਾਣ ਵਾਲੇ ਪ੍ਰਾਪਰਟੀ ਟੈਕਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਮੇਅਰ ਨੇ ਪ੍ਰਾਪਰਟੀ ਟੈਕਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜਿਹੜੇ ਸ਼ਹਿਰ ਵਾਸੀ ਤੇ ਛੋਟੇ ਦੁਕਾਨਦਾਰ ਸਮੇਂ ਸਿਰ ਟੈਕਸ ਭਰ ਰਹੇ ਹਨ ਉਨ੍ਹਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਸਗੋਂ ਟੈਕਸ ਨਾ ਭਰਨ ਜਾਂ ਘੱਟ ਟੈਕਸ ਭਰਨ ਵਾਲੇ ਅਦਾਰਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਟੈਕਸ ਵਸੂਲੀ ਕੀਤੀ ਜਾਵੇ। ਉਨ੍ਹਾਂ ਨੇ ਸਾਲ 2022-23 ਲਈ ਪ੍ਰਾਪਰਟੀ ਟੈਕਸ ਭਰਨ ਦੀ ਅੰਤਿਮ ਮਿਤੀ 30 ਸਤੰਬਰ ਤੱਕ ਟੈਕਸ ਨਿਗਮ ਫੰਡ ਵਿੱਚ ਜਮ੍ਹਾਂ ਕਰਵਾ ਕੇ 10 ਫੀਸਦੀ ਰਬਿੇਟ ਦਾ ਲਾਭ ਅਪੀਲ ਵੀ ਕੀਤੀ