ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਜਨਵਰੀ
ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੇ ਆਖਿਆ ਕਿ ਕੇਂਦਰ ਦੇ ਇਸ਼ਾਰੇ ’ਤੇ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਕਿਸਾਨਾਂ ਨੂੰ ਸੰਮਨ ਭੇਜਣੇ ਨਾਮੋਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ ਤੇ ਕਾਂਗਰਸ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਨੇ ਅੱਜ ਵਾਰਡ ਨੰਬਰ 70 ਅਧੀਨ ਪੈਂਦੀ ਫਤਹਿ ਸਿੰਘ ਕਲੋਨੀ ਵਿਚ ਸਿਟੀਜ਼ਨ ਕੌਂਸਲ ਦੀ ਸਹਾਇਤਾ ਨਾਲ 700 ਲੋੜਵੰਦ ਔਰਤਾਂ ਨੂੰ ਸੂਟ ਵੰਡੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰ ਦੇ ਦਰਵਾਜ਼ੇ 24 ਘੰਟੇ ਲੋੜਵੰਦਾਂ ਦੀ ਮਦਦ ਲਈ ਖੁੱਲ੍ਹੇ ਹਨ। ਉਨ੍ਹਾਂ ਦੱਸਿਆ ਕਿ ਗੇਟ ਹਕੀਮਾਂ ਤੋਂ ਭਰਾੜੀਵਾਲ ਤੱਕ ਜਾਂਦੀ ਸੜਕ ਨੂੰ 2 ਕਰੋੜ ਦੀ ਲਾਗਤ ਨਾਲ ਚੌੜਾ ਕੀਤਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਹੋਏ। ਇਸ ਮੌਕੇ ਕੌਂਸਲਰ ਵਿਕਾਸ ਸੋਨੀ ਨੇ ਵੀ ਸੰਬੋਧਨ ਕੀਤਾ।
ਨੋਟਿਸਾਂ ਦਾ ਅੰਦੋਲਨ ’ਤੇ ਕੋਈ ਅਸਰ ਨਹੀਂ ਪਏਗਾ: ਭਾਈ ਅਜੈਬ ਸਿੰਘ
ਦਮਦਮੀ ਟਕਸਾਲ ਦੇ ਆਗੂ ਅਤੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਮੋਦੀ ਸਰਕਾਰ ਵੱਲੋਂ ਐਨਆਈਏ ਤਰਫ਼ੋਂ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ ਸਮੇਤ ਹੋਰਨਾਂ ਲੋਕਾਂ ਨੂੰ ਨੋਟਿਸ ਭੇਜੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨੋਟਿਸ ਜਾਰੀ ਕਰਕੇ ਸਰਕਾਰ ਨੇ ਆਪਣੀ ਹਾਰ ਕਬੂਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਆਪਣੇ ਹੱਕ ਲਈ ਅੰਦੋਲਨ ਕਰਨ ਦਾ ਹੱਕ ਸੰਵਿਧਾਨ ਨੇ ਦਿੱਤਾ ਹੈ। ਕਿਸਾਨੀ ਅੰਦੋਲਨ ’ਤੇ ਇਨ੍ਹਾਂ ਨੋਟਿਸਾਂ ਦਾ ਕੋਈ ਅਸਰ ਨਹੀਂ ਪਵੇਗਾ।