ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਗਤਾਰ ਸਿੰਘ ਹਵਾਰਾ ਨੂੰ ਵਕਤੀ ਜ਼ਮਾਨਤ ਦਿੱਤੀ ਜਾਵੇ: ਗੜਗੱਜ

ਮੁਤਵਾਜ਼ੀ ਜਥੇਦਾਰ ਦੀ ਮਾਤਾ ਦੀ ਸਿਹਤ ਦਾ ਦਿੱਤਾ ਹਵਾਲਾ
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬੰਦੀ ਸਿੰਘ ਅਤੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੋ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ, ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਵਕਤੀ ਜ਼ਮਾਨਤ ਦਿੱਤੀ ਜਾਵੇ। ਅੱਜ ਉਨ੍ਹਾਂ ਨੇ ਬਜ਼ੁਰਗ ਮਾਤਾ ਨਰਿੰਦਰ ਕੌਰ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਹਵਾਰਾ ਪੁੱਜ ਕੇ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਜਥੇਦਾਰ ਗੜਗੱਜ ਨੇ ਭਾਰਤ ਸਰਕਾਰ ਨੂੰ ਆਖਿਆ ਕਿ ਮਨੁੱਖੀ ਅਧਿਕਾਰਾਂ ਤੇ ਕਦਰਾਂ ਕੀਮਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਈ ਜਗਤਾਰ ਸਿੰਘ ਹਵਾਰਾ ਦੀ ਉਨ੍ਹਾਂ ਦੇ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਨਾਲ ਮੁਲਾਕਾਤ ਕਰਵਾਉਣ ਲਈ ਉਨ੍ਹਾਂ ਨੂੰ ਵਕਤੀ ਜ਼ਮਾਨਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਉਨ੍ਹਾਂ ਦੇ ਮਾਤਾ ਦੀ ਸਿਹਤ ਕਾਫ਼ੀ ਢਿੱਲੀ ਹੈ। ਪਰਿਵਾਰ ਅਨੁਸਾਰ ਮਾਤਾ ਜੀ ਦੀ ਯਾਦ ਸ਼ਕਤੀ ਕਾਫ਼ੀ ਕਮਜ਼ੋਰ ਪੈ ਚੁੱਕੀ ਹੈ। ਅਜਿਹੇ ਵੇਲੇ ਇਹ ਅਤਿ ਜ਼ਰੂਰੀ ਹੈ ਕਿ ਸਰਕਾਰ ਨਿਆਂਪੂਰਨ ਪਹੁੰਚ ਅਪਣਾ ਕੇ ਲੰਮੇ ਸਮੇਂ ਤੋਂ ਇੱਕ ਦੂਜੇ ਨਾਲ ਮੁਲਾਕਾਤ ਲੋਚਦੇ ਬੀਬੀ ਨਰਿੰਦਰ ਕੌਰ ਤੇ ਉਨ੍ਹਾਂ ਦੇ ਪੁੱਤਰ ਭਾਈ ਹਵਾਰਾ ਦੀ ਮੁਲਾਕਾਤ ਵਾਸਤੇ ਉਸ ਨੂੰ ਜ਼ਮਾਨਤ ਦੇਵੇ।

ਜਥੇਦਾਰ ਨੇ ਕਿਹਾ ਕਿ ਭਾਈ ਹਵਾਰਾ ਦੇ ਪਰਿਵਾਰ ਵੱਲੋਂ ਭਾਰਤ ਸਰਕਾਰ ਪਾਸ ਉਨ੍ਹਾਂ ਦੀ ਵਕਤੀ ਜ਼ਮਾਨਤ ਲਈ ਜੋ ਵੀ ਅਰਜ਼ੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਪ੍ਰਵਾਨ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖੀ ਅਧਿਕਾਰਾਂ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਰਾ ਦੇਸ਼ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਅਜ਼ਾਦੀ ਲਈ ਸ਼ਹਾਦਤ ਦਿੱਤੀ, ਉਨ੍ਹਾਂ ਦੇ 350 ਸਾਲਾ ਸ਼ਹੀਦੀ ਸਾਕੇ ਨੂੰ ਮਨਾ ਰਿਹਾ ਹੈ ਤਾਂ ਅਜਿਹੇ ਸਮੇਂ ਉਨ੍ਹਾਂ ਦੇ ਸਿੱਖਾਂ ਦੇ ਹੱਕ ਹਕੂਕ ਸੁਰੱਖਿਅਤ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮਾਮਲੇ ਉੱਤੇ ਗੌਰ ਕਰਕੇ ਭਾਈ ਹਵਾਰਾ ਨੂੰ ਵਕਤੀ ਤੌਰ ਉੱਤੇ ਜ਼ਮਾਨਤ ਦੇਣੀ ਚਾਹੀਦੀ ਹੈ।

Advertisement

Advertisement
Show comments