ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਅਪਰੈਲ
ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਆਖਿਆ ਹੈ ਕਿ ਕਰੋਨਾ ਦੇ ਮਾਮਲੇ ਕਾਬੂ ਹੇਠ ਆਉਣ ਮਗਰੋਂ ਜਦੋਂ ਸੂਬਾ ਸਰਕਾਰ ਹਰੀ ਝੰਡੀ ਦੇਵੇਗੀ ਤਾਂ ਇਤਿਹਾਸਕ ਜਲ੍ਹਿਆਂਵਾਲਾ ਬਾਗ ਨੂੰ ਲੋਕਾਂ ਲਈ ਖੋਲ੍ਹਿਆ ਜਾਵੇਗਾ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਲ੍ਹਿਆਂਵਾਲਾ ਬਾਗ ਨੂੰ 13 ਅਪਰੈਲ ਨੂੰ ਖੋਲ੍ਹਣ ਦੀ ਯੋਜਨਾ ਸੀ ਪਰ ਕਰੋਨਾ ਮਹਾਮਾਰੀ ਦੇ ਵਧ ਰਹੇ ਫੈਲਾਅ ਕਾਰਨ ਸੂਬਾ ਸਰਕਾਰ ਵਲੋਂ ਲਾਈਆਂ ਰੋਕਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਪੁਰਾਤਤਵ ਵਿਭਾਗ ਦੀ ਨਿਗਰਾਨੀ ਹੇਠ ਸ਼ਹੀਦੀ ਸਥਾਨ ਦੀ ਸੁੰਦਰਤਾ ਵਿਚ ਵਾਧਾ ਕੀਤਾ ਗਿਆ ਹੈ। ਇਥੇ ਲੈਂਡਸਕੇਪਿੰਗ, ਲਾਈਟਾਂ, ਗੈਲਰੀਆਂ ਆਦਿ ਬਣਾਏ ਗਏ ਹਨ। ਤਿੰਨ ਭਾਸ਼ਾਵਾਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਵੀ ਚੱਲੇਗਾ।