ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 3 ਫਰਵਰੀ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਦਿੱਲੀ ਕਿਸਾਨ ਮੋਰਚੇ ਵਿੱਚ ਲੋਕਾਂ ਦੀ ਲਗਾਤਾਰ ਸ਼ਮੂਲੀਅਤ ਕਰਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਛੱਜਲਵੱਡੀ ਵਿਖੇ ਕੀਤੀ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਖੇਤੀ ਕਾਨੂੰਨਾਂ ਸਬੰਧੀ ਜੰਡਿਆਲਾ ਗੁਰੂ ਵਿਖੇ ਚੱਲ ਰਿਹਾ ਰੇਲ ਰੋਕੋ ਅੰਦੋਲਨ 133ਵੇਂ ਦਿਨ ’ਚ ਦਾਖਲ ਹੋ ਗਿਆ ਅਤੇ ਜੱਥੇਬੰਦੀ ਦੀ ਅਗਵਾਈ ਹੇਠ ਪਿੰਡ ਪੱਧਰੀ ਕੇਂਦਰ ਸਰਕਾਰ ਅਤੇ ਕਾਰਪੋਰੇਟਰਾਂ ਦੇ ਪੁਤਲੇ ਵੀ ਫੂਕੇ ਗਏ। ਜਰਮਨਜੀਤ ਸਿੰਘ ਨੇ ਦੱਸਿਆ ਕਿ 6 ਫਰਵਰੀ ਦੀ ਸ਼ਾਮ ਨੂੰ ਕਿਸਾਨਾਂ ਦੇ ਦਿੱਲੀ ਮੋਰਚੇ ਵਿੱਚ ਛੱਜਲਵੱਡੀ ਅਤੇ ਸਰਜਾ ਸਮੇਤ ਆਸ-ਪਾਸ ਦੇ ਹੋਰ ਪਿੰਡਾਂ ’ਚੋਂ ਕਿਸਾਨ ਮਜ਼ਦੂਰਾਂ ਦੇ ਜੱਥੇ ਲੈ ਕੇ ਜਾਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਉਸ ਦਿਨ ਵੱਡੀ ਗਿਣਤੀ ਵਿੱਚ ਇੱਥੋਂ ਜੱਥੇ ਦਿੱਲੀ ਵੱਲ ਕੂਚ ਕਰਨਗੇ।
ਇਸਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜੰਡਿਆਲਾ ਗੁਰੂ ਵਿਖੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 133ਵੇਂ ਦਿਨ ‘ਚ ਦਾਖਲ ਹੋ ਗਿਆ।ਅੱੱਜ ਜਥੇਬੰਦੀ ਦੀ ਅਗਵਾਈ ਵਿੱਚ ਅੰਮਿ੍ਤਸਰ ਜ਼ਿਲ੍ਹੇ ਵਿੱਚ ਪਿੰਡ ਪੱਧਰੀ ਮੋਦੀ ਸਰਕਾਰ ਤੇ ਅੰਬਾਨੀ, ਅਡਾਨੀ ਦੇ ਪੁਤਲੇ ਫੂਕੇ ਗਏ।ਜੰਡਿਆਲਾ ਗੁਰੂ ਵਿਖੇ ਜਸਬੀਰ ਸਿੰਘ ਗੁਰਾਇਆ ਦੀ ਅਗਵਾਈ ਵਿੱਚ ਕਿਸਾਨਾਂ ਦਾ ਜੱਥਾ ਮੋਰਚੇ ਵਿੱਚ ਸ਼ਾਮਲ ਹੋਇਆ।ਇਸ ਮੌਕੇ ਧਰਨਾਕਾਰੀਆ ਨੂੰ ਸੰਬੋਧਨ ਕਰਦਿਆਂ ਰਘਬੀਰ ਸਿੰਘ, ਮਲਕੀਤ ਸਿੰਘ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨ ਦੇ ਖਿਲਾਫ ਦੇਸ਼ ਭਰ ਦੇ ਕਿਸਾਨ ਮਜ਼ਦੂਰ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ, 150 ਤੋਂ ਉੱਪਰ ਕਿਸਾਨ ਮਜ਼ਦੂਰ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਕਾਰਪੋਰੇਟਾਂ ਦੇ ਹੱਕ ਵਿੱਚ ਭੁਗਤ ਕੇ ਇਸ ਨੂੰ ਅਣਗੌਲਿਆਂ ਕਰ ਰਹੀ ਹੈ। ਦਿੱਲੀ ਦੇ ਕੁੰਡਲੀ ਬਾਰਡਰ ’ਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਮੋਰਚਾ ਨਿਰੰਤਰ ਜਾਰੀ ਹੈ।ਇਸ ਮੌਕੇ ਇਸ ਮੌਕੇ ਯੁਧਬੀਰ ਸਿੰਘ ਸਰਜਾ, ਕਾਮਰੇਡ ਪੂਰਨ ਚੰਦ, ਚੰਨਣ ਸਿੰਘ ਚੰਨਾਂ, ਕਾਮਰੇਡ ਦਲਬੀਰ ਸਿੰਘ, ਸੁਰਜੀਤ ਪਲਵਾ, ਲੱਖਾ ਸਿੰਘ, ਜਸਪਾਲ ਸਿੰਘ, ਸੁਖਚੈਨ ਸਿੰਘ, ਮਹਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ।