Jandiala Guru News: ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ 'ਆਪ' ਆਗੂ ਦੇ ਘਰ 'ਤੇ ਗੋਲੀਬਾਰੀ
ਜੰਡਿਆਲਾ ਗੁਰੂ ਵਿੱਚ ਦੇਰ ਰਾਤ ਗੋਲੀਬਾਰੀ ਦੀ ਇੱਕ ਹੋਰ ਘਟਨਾ ਵਾਪਰੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਨਾਲ ਸਬੰਧਤ ਨਗਰ ਕੌਂਸਲ (ਐਮਸੀ) ਉਮੀਦਵਾਰ ਸੁਰਿੰਦਰ ਕੁਮਾਰ ਸੋਨੂੰ ਦੇ...
ਜੰਡਿਆਲਾ ਗੁਰੂ ਵਿੱਚ ਦੇਰ ਰਾਤ ਗੋਲੀਬਾਰੀ ਦੀ ਇੱਕ ਹੋਰ ਘਟਨਾ ਵਾਪਰੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਨਾਲ ਸਬੰਧਤ ਨਗਰ ਕੌਂਸਲ (ਐਮਸੀ) ਉਮੀਦਵਾਰ ਸੁਰਿੰਦਰ ਕੁਮਾਰ ਸੋਨੂੰ ਦੇ ਘਰ ਉਪਰ 10 ਤੋਂ 12 ਗੋਲੀਆਂ ਚਲਾਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਕੁਮਾਰ ਸੋਨੂੰ ਨੇ ਦੱਸਿਆ ਰਾਤ ਕਰੀਬ 12 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਬਾਹਰ ਦੋ ਮੋਟਰ ਸਾਈਕਲਾਂ ’ਤੇ ਸਵਾਰ ਚਾਰ ਨਕਾਬਪੋਸ਼ ਪਹੁੰਚੇ ਅਤੇ ਗੇਟ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ। ਗੋਲੀਆਂ ਸਿੱਧੀਆਂ ਗੇਟ 'ਤੇ ਲੱਗੀਆਂ। ਉਨ੍ਹਾਂ ਕਿਹਾ ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੀੜਤ ਸੋਨੂੰ ਨੇ ਦੱਸਿਆ ਉਸ ਨੂੰ ਪਹਿਲਾਂ ਵੀ ਫੋਨ ਕਾਲਾਂ ਰਾਹੀਂ ਧਮਕੀਆਂ ਮਿਲੀਆਂ ਸਨ, ਜਿਸ ਵਿੱਚ ਉਸ ਨੂੰ ਆਉਣ ਵਾਲੀਆਂ ਨਗਰ ਕੌਂਸਲ (ਐਮਸੀ) ਚੋਣਾਂ ਨਾ ਲੜਨ ਦੀ ਚੇਤਾਵਨੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਉਸ ਦੀ ਕਾਰ 'ਤੇ ਹਮਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਪੁਲੀਸ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਇਸ ਦੇ ਬਾਵਜੂਦ, ਉਸਦੇ ਘਰ 'ਤੇ ਹਾਲ ਹੀ ਵਿੱਚ ਹੋਈ ਗੋਲੀਬਾਰੀ ਨੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕੀਤੇ ਹਨ।
ਸੂਤਰਾਂ ਅਨੁਸਾਰ ਇਸ ਘਟਨਾ ਨੂੰ ਚੋਣ ਦੁਸ਼ਮਣੀ ਜਾਂ ਸਟੰਟ ਮੰਨਿਆ ਜਾ ਰਿਹਾ ਹੈ, ਹਾਲਾਂਕਿ ਪੁਲੀਸ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲੀਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਗੋਲੀਬਾਰੀ ਦੀ ਘਟਨਾ ਬਾਰੇ ਪੁੱਛਗਿੱਛ ਕਰਨ ਲਈ ਸੋਨੂੰ ਦੇ ਘਰ ਪਹੁੰਚੇ। ਮੌਕੇ 'ਤੇ ਪਰਿਵਾਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਘਟਨਾ ਵਿੱਚ ਸ਼ਾਮਲ ਹਰ ਵਿਅਕਤੀ ਦੀ ਪਛਾਣ ਕੀਤੀ ਜਾਵੇਗੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਇਲਾਕੇ ਦੇ ਵਸਨੀਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ।

