ਜਥੇਦਾਰ ਗੜਗੱਜ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਬਾਰੇ ਅਰਦਾਸ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨਜ਼ਦੀਕ ਪਹੁੰਚ ਕੇ ਗੁਰੂ ਸਾਹਿਬ ਦੇ ਸਨਮੁਖ ਲਾਂਘਾ ਛੇਤੀ ਖੁੱਲ੍ਹਣ, ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਅਤੇ ਪੰਜਾਬ ਨੂੰ ਹੜ੍ਹਾਂ ਦੀ ਸਥਿਤੀ ਵਿੱਚੋਂ ਉਭਰਨ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
ਇਸ ਤੋਂ ਪਹਿਲਾਂ ਜਥੇਦਾਰ ਨੇ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਜੋਤੀ ਜੋਤਿ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਵੀ ਸ਼ਮੂਲੀਅਤ ਕੀਤੀ। ਉਪਰੰਤ ਜਥੇਦਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਮੌਜੂਦਾ ਹਾਲਾਤ ਦੇਖੇ ਜਿਥੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਸਨਮੁਖ ਸਿੱਖਾਂ ਦੀ ਭਾਵਨਾਵਾਂ ਅਨੁਸਾਰ ਅਰਦਾਸ ਕੀਤੀ। ਉਨ੍ਹਾਂ ਅਰਦਾਸ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਸ੍ਰੀ ਗੁਰੂ ਨਾਨਕ ਦੇਵ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਉੱਤੇ ਜੋਤਿ ਜੋਤਿ ਸਮਾਏ ਸਨ ਅਤੇ ਇਸ ਦਿਨ ਵਿਸ਼ਵ ਭਰ ਦੀ ਸਿੱਖ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਪਾਵਨ ਅਸਥਾਨ ਦੇ ਦਰਸ਼ਨਾਂ ਦੀ ਤਾਂਘ ਰੱਖਦੀ ਹੈ ਪਰ ਅੱਜ ਬਣੇ ਹੋਏ ਹਾਲਾਤ ਦੇ ਮੱਦੇਨਜ਼ਰ ਚੜ੍ਹਦੇ ਪੰਜਾਬ ਵਾਲੇ ਪਾਸਿਓਂ ਸਿੱਖ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀ ਹੈ।