ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ ਜਥੇਦਾਰ ਗੜਗੱਜ ਤੇ ਧਾਮੀ ਵੱਲੋਂ ਸਖ਼ਤ ਇਤਰਾਜ਼ ਜ਼ਾਹਰ

ਟ੍ਰਿਬਿਊਨ ਨਿਉੂਜ਼ ਸਰਵਿਸ ਅੰਮ੍ਰਿਤਸਰ, 25 ਜੂਨ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ...
Advertisement

ਟ੍ਰਿਬਿਊਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 25 ਜੂਨ

Advertisement

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਜਥੇਦਾਰ ਗੜਗੱਜ ਨੇ ਇੱਕ ਵੀਡੀਓ ਸੁਨੇਹੇ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਦਿਆਂ ਕਿਹਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਇਹ ਕਾਰਵਾਈ ਸਿੱਖ ਇਤਿਹਾਸ ਨੂੰ ਰਲਗੱਡ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਦੇ ਇੱਕ ਮਹਾਨ ਯੋਧੇ ਹਨ, ਜਿਨ੍ਹਾਂ ਦੀ ਸ਼ਨਾਖਤ ਨੂੰ ਬਦਲਣ ਦਾ ਯਤਨ ਕੀਤਾ ਗਿਆ ਹੈ।

ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਉਹ ਸਰਕਾਰ ਕੋਲ ਆਪਣਾ ਇਤਰਾਜ਼ ਦਰਜ ਕਰਾਏ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਹਰਿਆਣਾ ਸਰਕਾਰ ਖਿਲਾਫ ਢੁਕਵੀਂ ਕਾਰਵਾਈ ਕਰੇ ਅਤੇ ਇਤਿਹਾਸ ਨੂੰ ਰਲਗੱਡ ਕਰਨ ਦੇ ਇਸ ਯਤਨ ਨੂੰ ਰੋਕੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਜਿਥੇ ਸਿੱਖ ਸਿਧਾਂਤਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਸ਼ਹਾਦਤ ਦਾ ਅਪਮਾਨ ਹੈ, ਉਥੇ ਇਸ ਨਾਲ ਸਿੱਖ ਭਾਵਨਾਵਾਂ ਨੂੰ ਵੀ ਗਹਿਰੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਲੈ ਕੇ ਮੁਗ਼ਲ ਸਾਮਰਾਜ ਦਾ ਮੁਕਾਬਲਾ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਵਿਚ ਸਿੱਖਾਂ ਨੇ ਜ਼ੁਲਮੀ ਹਕੂਮਤ ਦੀਆਂ ਜੜ੍ਹਾਂ ਪੁੱਟਦਿਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ।

ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਜਾਗੀਰਦਾਰੀ ਪ੍ਰਥਾ ਨੂੰ ਖ਼ਤਮ ਕਰ ਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਏ, ਜੋ ਸਮਾਜਿਕ ਬਰਾਬਰੀ ਦੀ ਇਕ ਵੱਡੀ ਮਿਸਾਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਬੈਰਾਗੀ ਬਾਣਾ ਤਿਆਗ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਿੱਖ ਬਣੇ ਸਨ ਅਤੇ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਕਹਿਣਾ ਇਤਿਹਾਸਕ ਸਚਾਈ ਨੂੰ ਤੋੜ-ਮਰੋੜ ਕੇ ਪੇਸ਼ ਕਰਦਾ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਸਾਜ਼ਿਸ਼ ਤਹਿਤ ਸਿੱਖਾਂ ਦੀ ਮੌਲਿਕਤਾ ਅਤੇ ਅੱਡਰੀ ਪਛਾਣ ਨੂੰ ਖੰਡਤ ਕਰਨ ਲਈ ਜਾਣਬੁੱਝ ਕੇ ਕੀਤਾ ਜਾ ਰਿਹਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਹਰਕਤ ਸਿੱਖ ਇਤਿਹਾਸ ਦੀ ਗਲਤ ਵਿਆਖਿਆ ਕਰਨ ਵਾਲੀ ਅਤੇ ਸਿੱਖ ਸ਼ਹੀਦਾਂ ਦਾ ਵੱਡਾ ਅਪਮਾਨ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖ ਇਤਿਹਾਸ ਨੂੰ ਵਿਗਾੜਨ ਵਾਲੀਆਂ ਹਰਕਤਾਂ ਤੋਂ ਬਾਜ਼ ਆਵੇ ਅਤੇ ਅਜਿਹੀ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ।

Advertisement
Show comments