DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਜਥੇਦਾਰ ਗੜਗੱਜ ਵੱਲੋਂ ਵਿਦੇਸ਼ ਵੱਸਦੀ ਸੰਗਤ ਨੂੰ ਪਾਵਨ ਸਰੂਪ ਵਿਦੇਸ਼ਾਂ ਵਿੱਚ ਭੇਜਣ ਲਈ ਪ੍ਰਣਾਲੀ ਹੋਰ ਸੁਖਾਲੀ ਕਰਨ ਦਾ ਭਰੋਸਾ

ਜਥੇਦਾਰ ਨੇ ਸੰਗਤ ਨੂੰ ਗੁਰਦੁਆਰਾ ਸਾਹਿਬ ਜ਼ਰੂਰ ਆਉਣ ਅਤੇ ਆਪਣੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਲਈ ਆਖਿਆ

  • fb
  • twitter
  • whatsapp
  • whatsapp
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਕੌਮੀ ਹਿੱਤਾਂ ਲਈ ਕਾਰਜ ਕਰਨ, ਪੰਥ ਤੇ ਪੰਜਾਬ ਨਾਲ ਜੁੜੇ ਰਹਿਣ, ਨਵੀਂ ਪੀੜ੍ਹੀ ਨੂੰ ਸਿੱਖੀ ਤੇ ਮਾਂ-ਬੋਲੀ ਗੁਰਮੁਖੀ ਪੰਜਾਬੀ ਨਾਲ ਜੋੜਨ ਅਤੇ ਕੇਂਦਰੀ ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਕੀਤੀ ਹੈ। ਉਹ ਹਾਂਗਕਾਂਗ ਦੌਰੇ 'ਤੇ ਹਨ, ਜਿੱਥੇ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਹੈ।

ਇਸ ਸਮਾਗਮ ਵਿੱਚ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਦੇ ਗ੍ਰੰਥੀ ਸਿੰਘ ਰਹੇ ਗਿਆਨੀ ਨੰਦ ਸਿੰਘ, ਜੋ ਕਿ ਵਿਸ਼ਵ ਯੁੱਧ ਸਮੇਂ ਗੁਰੂ ਘਰ ਵਿੱਚ ਸੇਵਾ ਕਰਦਿਆਂ ਸ਼ਹੀਦ ਹੋਏ ਸਨ, ਉਨ੍ਹਾਂ ਨੂੰ ਵੀ ਯਾਦ ਕੀਤਾ ਗਿਆ। ਸਮਾਗਮ ਮੌਕੇ ਜਥੇਦਾਰ ਗੜਗੱਜ ਨੇ ਦੇਸ਼-ਵਿਦੇਸ਼ ਵਿੱਚ ਵੱਸਦੀ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਇਕਜੁੱਟਤਾ ਲਈ ਅਰਦਾਸ ਕੀਤੀ।

Advertisement

ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਵਿੱਚ ਖ਼ਾਲਸਾ ਦੀਵਾਨ ਹਾਂਗਕਾਂਗ ਦਾ ਮੁੱਢਲਾ ਯੋਗਦਾਨ ਹੈ। ਸਿੱਖਾਂ ਨੇ ਸੰਨ 1901 ਵਿੱਚ ਇੱਥੇ ਸ੍ਰੀ ਗੁਰੂ ਸਿੰਘ ਸਭਾ ਸਥਾਪਤ ਕੀਤੀ। ਇਸ ਧਰਤੀ ਉੱਤੇ ਗੁਰੂ ਨਾਨਕ ਜਹਾਜ਼ (ਕਾਮਾਗਾਟਾਮਾਰੂ) ਵਾਲੇ ਬਾਬਾ ਗੁਰਦਿੱਤ ਸਿੰਘ ਅਤੇ ਸ਼ਹੀਦ ਭਾਈ ਕਰਤਾਰ ਸਿੰਘ ਸਰਾਭਾ ਜਿਹੇ ਗ਼ਦਰੀ ਬਾਬੇ ਕਾਰਜਸ਼ੀਲ ਰਹੇ ਅਤੇ ਸੰਨ 1903 ਵਿੱਚ 33ਵੀਂ ਬਰਮਾ ਇਨਫੈਂਟਰੀ ਦੇ ਸਿੱਖ ਫ਼ੌਜੀ ਵੀ ਇੱਥੇ ਆਏ, ਜਿਨ੍ਹਾਂ ਨੇ ਗੁਰੂ ਘਰ ਵਾਲੀ ਥਾਂ ਉੱਤੇ ਮਿੱਠੇ ਜਲ ਦਾ ਖੂਹ ਤਿਆਰ ਕੀਤਾ ਜੋ ਅੱਜ ਵੀ ਚਾਲੂ ਤੇ ਮੌਜੂਦ ਹੈ। ਉਨ੍ਹਾਂ ਹਾਂਗਕਾਂਗ ਦੀ ਸੰਗਤ ਨੂੰ ਆਪਣੀ ਸਿੱਖ ਵਿਰਾਸਤ ਤੇ ਇਤਿਹਾਸ ਸੰਭਾਲ ਕੇ ਰੱਖਣ ਲਈ ਕਿਹਾ।

Advertisement

ਹਾਂਗਕਾਂਗ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪੰਜਾਬ ਸਰਕਾਰ ਦੇ ਨਵੇਂ ਕਾਨੂੰਨ ਦੇ ਡਰ ਤੋਂ ਉਨ੍ਹਾਂ ਨੂੰ ਗੁਰਬਾਣੀ ਦੇ ਬਿਰਧ ਗੁਟਕਾ ਸਾਹਿਬ ਅਤੇ ਪੋਥੀਆਂ ਨੂੰ ਸਸਕਾਰ ਲਈ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਭੇਜਣ ਵਿੱਚ ਪਰੇਸ਼ਾਨੀ ਆ ਰਹੀ ਹੈ। ਪਹਿਲਾਂ ਉਹ ਰਾਗੀ ਸਿੰਘਾਂ ਦੇ ਜਥਿਆਂ ਰਾਹੀਂ ਸਸਕਾਰ ਲਈ ਬਿਰਧ ਗੁਟਕਾ ਸਾਹਿਬ ਤੇ ਪੋਥੀਆਂ ਭਾਰਤ ਭੇਜਦੇ ਸਨ, ਪਰੰਤੂ ਹੁਣ ਸਰਕਾਰ ਦੇ ਕਾਨੂੰਨ ਦੇ ਕਾਰਨ ਰਾਗੀ ਜਥੇ ਡਰ ਰਹੇ ਹਨ। ਜਥੇਦਾਰ ਨੇ ਹਾਂਗਕਾਂਗ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਿਨਾਂ ਕਿਸੇ ਡਰ-ਭੈਅ ਦੇ ਗੁਰਬਾਣੀ ਦੇ ਬਿਰਧ ਗੁਟਕਾ ਸਾਹਿਬ ਤੇ ਪੋਥੀਆਂ ਦਾ ਰਿਕਾਰਡ ਮੁਕੰਮਲ ਤਿਆਰ ਕਰਕੇ, ਇਸ ਦੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਹਿਲਾਂ ਭੇਜ ਕੇ ਇਹ ਕਾਰਜ ਕਰਨ ਦੀ ਹਿਦਾਇਤ ਕੀਤੀ। ਉਨ੍ਹਾਂ ਸੰਗਤ ਨੂੰ ਗੁਰਦੁਆਰਾ ਸਾਹਿਬ ਜ਼ਰੂਰ ਆਉਣ ਅਤੇ ਆਪਣੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਲਈ ਆਖਿਆ।

ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੰਘ ਸਾਹਿਬ ਦੇ ਕੋਲ ਵਿਦੇਸ਼ਾਂ ਵਿੱਚ ਪਾਵਨ ਸਰੂਪ ਲਿਆਉਣ ਸਬੰਧੀ ਆਉਂਦੀਆਂ ਮੁਸ਼ਕਲਾਂ ਵੀ ਰੱਖੀਆਂ, ਜਿਨ੍ਹਾਂ ਸਬੰਧੀ ਜਥੇਦਾਰ ਗੜਗੱਜ ਨੇ ਸੰਗਤ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਥ ਨਾਲ ਵਿਚਾਰ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿਦੇਸ਼ਾਂ ਵਿੱਚ ਮਰਯਾਦਾ ਅਨੁਸਾਰ ਭੇਜਣ ਲਈ ਪ੍ਰਣਾਲੀ ਹੋਰ ਸੁਖਾਲੀ ਕਰਨ ਵਾਸਤੇ ਕਾਰਜ ਕੀਤਾ ਜਾਵੇਗਾ।

Advertisement
×