DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਨਿਖੇਧੀ

ਜਥੇਦਾਰ ਗੜਗੱਜ ਨੇ ਕੈਨੇਡਾ ਵਿੱਚ ਸਿੱਖਾਂ ਵਿਰੁੱਧ ਵਧ ਰਹੀ ਨਫ਼ਰਤ ਅਤੇ ਹਿੰਸਕ ਘਟਨਾਵਾਂ 'ਤੇ ਪ੍ਰਗਟਾਈ ਡੂੰਘੀ ਚਿੰਤਾ

  • fb
  • twitter
  • whatsapp
  • whatsapp
featured-img featured-img
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ। ਫਾਈਲ ਫੋਟੋ
Advertisement

ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖ਼ਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜ਼ਖ਼ਮੀ ਕਰਨ ਦੀ ਘਟਨਾ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਹਾਲ ਹੀ ਵਿੱਚ ਵਰਲਡ ਸਿੱਖ ਆਰਗਨਾਈਜ਼ੇਸ਼ਨ ਵੱਲੋਂ ਜਾਰੀ ਰਿਪੋਰਟ ਵਿੱਚ ਕੈਨੇਡਾ ਅੰਦਰ ਸਿੱਖਾਂ ਵਿਰੁੱਧ ਜ਼ਮੀਨੀ ਪੱਧਰ ਉੱਤੇ ਅਤੇ ਆਨਲਾਈਨ ਸੋਸ਼ਲ ਮੀਡੀਆ ਮੰਚਾਂ ਉੱਤੇ ਨਫ਼ਰਤ ਤੇ ਵਿਤਕਰੇ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਮੇਂ ਦੀ ਲੋੜ ਹੈ ਕਿ ਕੈਨੇਡਾ ਅੰਦਰ ਸਮੂਹ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਆਪਸੀ ਬੇਲੋੜੇ ਵਿਵਾਦ ਤੇ ਝਗੜਿਆਂ ਨੂੰ ਤਿਆਗ ਕੇ ਇਕਜੁੱਟ ਹੋਣ ਅਤੇ ਚੁਣੌਤੀ ਦਾ ਸਿੱਖ ਸਿਧਾਂਤਾਂ ਦੀ ਰੌਸ਼ਨੀ ਵਿੱਚ ਹੱਲ ਕਰਨ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਵਿਸ਼ਵ ਪੱਧਰ ਉੱਤੇ ਸਿੱਖ ਕੌਮ ਵਿਰੁੱਧ ਕੀਤੀਆਂ ਜਾ ਰਹੀਆਂ ਸਾਜ਼ਸ਼ਾਂ ਨੂੰ ਗੰਭੀਰਤਾ ਨਾਲ ਸਮਝਣ ਅਤੇ ਸਵੈ-ਸੰਭਾਲ ਦੀ ਨੀਤੀ ਤਹਿਤ ਚੱਲਦਿਆਂ ਵਿਲੱਖਣ ਸਿੱਖ ਪਛਾਣ, ਇਤਿਹਾਸ, ਰਵਾਇਤਾਂ, ਸਿਧਾਂਤਾਂ ਅਤੇ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਸਿਰ ਜੋੜ ਕੇ ਕੰਮ ਕਰਨ ਦੀ ਲੋੜ ਹੈ।

Advertisement

ਗੁਰਦੁਆਰੇ ਵਿੱਚ ਵਾਪਰੀ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਸ੍ਰੀ ਗੁਰੂ ਗ੍ਰੰਥ ਸਾਹਿਬ ਵੱਲ ਵੀ ਵਧਿਆ ਸੀ, ਪਰ ਮੌਕੇ ਉੱਤੇ ਮੌਜੂਦ ਸੰਗਤ ਅਤੇ ਸੇਵਾਦਾਰਾਂ ਨੇ ਉਸ ਨੂੰ ਰੋਕ ਲਿਆ, ਜਿਸ ਕਰਕੇ ਕੋਈ ਨੁਕਸਾਨ ਨਹੀਂ ਹੋਇਆ, ਜੋ ਕਿ ਰਾਹਤ ਦੀ ਗੱਲ ਹੈ। ਉਨ੍ਹਾਂ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਦੋ ਸੇਵਾਦਾਰ ਸਿੱਖਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Advertisement

ਉਨ੍ਹਾਂ ਕਿਹਾ ਕਿ ਭਾਵੇਂ ਮੁਲਜ਼ਮ ਨੂੰ ਐਡਮਿੰਟਨ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਪਰ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਇਸ ਮਾਮਲੇ ਵਿੱਚ ਡੂੰਘਾਈ ਤੱਕ ਜਾਂਚ ਯਕੀਨੀ ਬਣਾਉਣ ਕਿ ਕਿਸੇ ਸਿੱਖ-ਵਿਰੋਧੀ ਸਮੂਹ ਜਾਂ ਸੰਸਥਾ ਨੇ ਇਸ ਨੂੰ ਵਰਗਲਾ ਕੇ ਗੁਰੂ ਘਰ ਨੂੰ ਨਿਸ਼ਾਨਾ ਬਣਾਉਣ ਲਈ ਪ੍ਰੇਰਿਤ ਤਾਂ ਨਹੀਂ ਕੀਤਾ ਸੀ।

ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਵਿੱਚ ਵੀ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਨੂੰ ਕੁਝ ਧਮਕੀਆਂ ਮਿਲੀਆਂ ਸਨ, ਜੋ ਕਿ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕੈਲਗਰੀ ਪੁਲੀਸ ਨੂੰ ਇਸ ਦੀ ਗੰਭੀਰਤਾ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਵੇਂ ਗੁਰਮਤਿ ਸਿਧਾਂਤ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਰ ਮਨੁੱਖ ਲਈ ਖੁੱਲ੍ਹੇ ਹਨ, ਜਿੱਥੋਂ ਰੋਜ਼ਾਨਾ ਸਰਬੱਤ ਦੇ ਭਲੇ ਲਈ ਅਰਦਾਸਾਂ ਹੁੰਦੀਆਂ ਹਨ, ਪਰ ਸੁਰੱਖਿਆ ਅਤੇ ਪਹਿਰੇਦਾਰੀ ਦੇ ਪੁਖਤਾ ਪ੍ਰਬੰਧ ਰੱਖਣੇ ਗੁਰਦੁਆਰਾ ਪ੍ਰਬੰਧਕਾਂ ਦੀ ਮੁੱਢਲੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕੈਨੇਡਾ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪੋ-ਆਪਣੇ ਗੁਰੂ ਘਰਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਹਿੱਤ ਮੁੜ ਸਮੀਖਿਆ ਕਰਨ ਅਤੇ 24 ਘੰਟੇ ਪਹਿਰੇਦਾਰੀ ਯਕੀਨੀ ਬਣਾਉਣ।

Advertisement
×