ਪੱਤਰ ਪ੍ਰੇਰਕ
ਅੰਮ੍ਰਿਤਸਰ, 17 ਜੁਲਾਈ
ਮਾਣ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ਮੋਰਚੇ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਅੱਜ ਇਥੇ ਮਮਤਾ ਸ਼ਰਮਾ, ਰਛਪਾਲ ਸਿੰਘ ਅਤੇ ਪਰਮਜੀਤ ਕੌਰ ਮਾਨ ਦੀ ਪ੍ਰਧਾਨਗੀ ਹੇਠ ਕੰਪਨੀ ਬਾਗ ਵਿੱਚ ਹੋਈ ਵਿਸ਼ੇਸ਼ ਇਕੱਤਰਤਾ ’ਚ ਸਰਕਾਰ ਦੀ ਅਣਦੇਖੀ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ ਅਤੇ ਕਿਹਾ ਕਿ ਉਹ ਆਪਣੇ ਹੱਕ ਲੈ ਕੇ ਹਟਣਗੇ। ਇਸ ਮੀਟਿੰਗ ਵਿੱਚ ਮਿਡ-ਡੇਅ ਮੀਲ ਵਰਕਰਜ਼ ਯੂਨੀਅਨ, ਆਸ਼ਾ ਵਰਕਰਜ਼, ਫੈਸਿਲੀਟੇਟਰ ਯੂਨੀਅਨ ਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਸ਼ਮੂਲੀਅਤ ਕੀਤੀ।
ਇਹ ਫੈਸਲਾ ਲਿਆ ਗਿਆ ਕਿ ਮਾਣ ਭੱਤਾ, ਕੱਚਾ ਕੰਟਰੈਕਟ ਮੁਲਾਜ਼ਮ ਮੋਰਚੇ ਵੱਲੋਂ 21 ਨੂੰ ਪਟਿਆਲਾ ’ਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ’ਚ 300 ਵਰਕਰ ਸ਼ਾਮਲ ਹੋਣਗੇ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ ਤੇ ਨਾ ਹੀ ਮਾਣ ਭੱਤੇ ’ਤੇ ਕੰਮ ਕਰ ਰਹੀਆਂ ਆਸ਼ਾ ਵਰਕਰਾਂ, ਫੈਸਿਲੀਟੇਟਰਾਂ ਤੇ ਮਿਡ-ਡੇਅ ਮੀਲ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇਣ ਨੂੰ ਤਿਆਰ ਹੈ ਜਦੋਂਕਿ ਆਪਣੇ ਮੰਤਰੀਆਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੂੰ ਹਰ ਮਹੀਨੇ 5-5 ਲੱਖ ਰੁਪਏ ਤਨਖਾਹਾਂ ਅਤੇ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੱਚੇ ਤੇ ਮਾਣ ਭੱਤਾ ਵਰਕਰਾਂ ਨੇ ਕਾਂਗਰਸ ਪਾਰਟੀ ਨੂੰ 2022 ਦੀਆਂ ਚੋਣਾਂ ਵਿੱਚ ਸਬਕ ਸਿਖਾਉਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਡੀਐੱਮਐੱਫ ਦੇ ਜਨਰਲ ਸਕੱਤਰ ਜਰਮਨਜੀਤ ਸਿੰਘ ਤੇ ਡੀਟੀਐੱਫ ਦੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਵੀ ਕੱਚੇ ਮੁਲਾਜ਼ਮਾਂ ਦੇ ਮੋਰਚੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਈਐੱਸਆਈ ਹਸਪਤਾਲ ਦੇ ਡਾਕਟਰਾਂ ਤੇ ਮੁਲਾਜ਼ਮਾਂ ਦੀ ਹੜਤਾਲ ਜਾਰੀ
ਅੰਮ੍ਰਿਤਸਰ (ਪੱਤਰ ਪ੍ਰੇਰਕ) ਈਐੱਸਆਈ ਹਸਪਤਾਲ ’ਚ ਛੇਵੇਂ ਪੇ-ਕਮਿਸ਼ਨ ਦੀਆਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਵਿਰੁੱਧ ਡਾਕਟਰਾਂ ਤੇ ਸਿਹਤ ਮੁਲਾਜ਼ਮਾਂ ਦੀ ਹੜਤਾਲ ਅੱਜ ਦਸਵੇਂ ਦਿਨ ਵਿੱਚ ਦਾਖਲ ਹੋ ਗਈ ਤੇ ਸੰਸਥਾ ਦਾ ਸਾਰਾ ਕੰਮਕਾਜ ਅੱਜ ਵੀ ਠੱਪ ਰਿਹਾ। ਈਐੱਸਆਈ ਐਂਪਲਾਈਜ਼ ਫੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ ਸੰਸਥਾ ਦੇ ਸਮੂਹ ਡਾਕਟਰ ਅਤੇ ਸਟਾਫ ਨੇ ਸਰਕਾਰ ਦੇ ਅੜੀਅਲ ਵਤੀਰੇ ਪ੍ਰਤੀ ਕਾਲੇ ਬਿੱਲੇ ਤੇ ਕਾਲੀਆਂ ਪੱਟੀਆਂ ਲਗਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਫੈਡਰੇਸ਼ਨ ਦੇ ਪ੍ਰਧਾਨ ਅਸ਼ੋਕ ਸ਼ਰਮਾ ਨੇ ਕਿਹਾ ਕਿ ਅੱਜ 10 ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਜਾਇਜ਼ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਹੋਇਆ ਹੈ। ਸਰਕਾਰ ਆਪਸੀ ਖਹਬਿਾਜ਼ੀ ਵਿੱਚ ਰੁੱਝੀ ਹੋਈ ਹੈ ਤੇ ਕਰੋਨਾ ਯੋਧੇ ਆਪਣੇ ਹੱਕਾਂ ਖਾਤਿਰ ਸੜਕਾਂ ’ਤੇ ਧੱਕੇ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।