DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Kangana Ranaut Movie: ਫਿਲਮ ‘ਐਮਰਜੈਂਸੀ’ ਨੂੰ ਪੰਜਾਬ ’ਚ ਰਿਲੀਜ਼ ਕੀਤੇ ਜਾਣ ਦਾ ਵਿਰੋਧ, SGPC ਪ੍ਰਧਾਨ ਵੱਲੋਂ ਮੁੱਖ ਮੰਤਰੀ ਨੂੰ ਪੱਤਰ

SGPC expresses displeasure over release of Kangana’s ‘Emergency’, demands CM to put ban on its release in the state
  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫ਼ਿਲਮ ਪ੍ਰਤੀ ਸਿੱਖਾਂ ’ਚ ਪਾਏ ਜਾ ਰਹੇ ‘ਰੋਸ ਤੇ ਰੋਹ’ ਦਿੱਤਾ ਹਵਾਲਾ; 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ ਫ਼ਿਲਮ

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 16 ਜਨਵਰੀ

Punjab News - Kangana Ranaut Movie 'Emergency': ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ (Kangana Ranaut) ਦੀ ਫਿਲਮ ‘ਐਮਰਜੈਂਸੀ’ ('Emergency') ਨੂੰ ਪੰਜਾਬ ਵਿੱਚ ਰਿਲੀਜ਼ ਕੀਤੇ ਜਾਣ ’ਤੇ ਸਿੱਖ ਜਗਤ ਦੇ ਰੋਸ ਅਤੇ ਰੋਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧ ਵਿੱਚ ਇੱਕ ਪੱਤਰ ਭੇਜ ਕੇ ਇਸ ਫਿਲਮ 'ਤੇ ਸੂਬੇ ਵਿੱਚ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਸਾਫ਼ ਕਿਹਾ ਕਿ ਜੇ ਫਿਲਮ ਪੰਜਾਬ ਵਿਚ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਹ ਫਿਲਮ ਭਲਕੇ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਗਿਆ ਪੱਤਰ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਗਿਆ ਪੱਤਰ।

ਮੁੱਖ ਮੰਤਰੀ ਨੂੰ ਇਸ ਸਬੰਧੀ ਭੇਜੇ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕੰਗਨਾ ਰਣੌਤ ਵੱਲੋਂ ਬਣਾਈ ਗਈ ਫ਼ਿਲਮ ‘ਐਮਰਜੈਂਸੀ’ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਸਿਨੇਮਾ ਘਰਾਂ ਵਿੱਚ ਭਲਕੇ 17 ਜਨਵਰੀ ਨੂੰ ਲੱਗਣ ਜਾ ਰਹੀ ਹੈ ਅਤੇ ਇਸ ਸਬੰਧੀ ਟਿਕਟਾਂ ਵੀ ਬੁੱਕ ਹੋਣੀਆਂ ਸ਼ੁਰੂ ਹੋ ਗਈਆਂ ਹਨ। ਇਸ ਫਿਲਮ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ 14 ਨਵੰਬਰ 2024 ਨੂੰ ਇਤਰਾਜ਼ ਦਰਜ ਕਰਵਾਇਆ ਗਿਆ ਸੀ।

ਇਸ ਸਬੰਧ ਵਿੱਚ ਅੰਤਰਿੰਗ ਕਮੇਟੀ ਵੱਲੋਂ ਪਾਸ ਕੀਤਾ ਗਿਆ ਮਤਾ ਵੀ ਭੇਜਿਆ ਗਿਆ ਸੀ। ਇਸ ਮਤੇ ਵਿਚ ਦੋਸ਼ ਲਾਇਆ ਗਿਆ ਹੈ ਕਿ ਇਹ ਫਿਲਮ ਸਿੱਖਾਂ ਨੂੰ ਬਦਨਾਮ ਕਰਨ ਦੇ ਮੰਤਵ ਨਾਲ ਨੀਤੀਗਤ ਢੰਗ ਨਾਲ ਬਣਾਈ ਗਈ ਹੈ। ਇਸ ਲਈ ਇਸ ਫਿਲਮ ਨੂੰ ਪੰਜਾਬ ਵਿੱਚ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਤੇ ਰਾਹੀਂ ਇਸ ਫਿਲਮ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਜੇ 17 ਜਨਵਰੀ ਨੂੰ ਇਹ ਫਿਲਮ ਰਿਲੀਜ਼ ਹੁੰਦੀ ਹੈ, ਤਾਂ ਇਸ ਨਾਲ ਸਿੱਖ ਜਗਤ ਅੰਦਰ ਰੋਸ ਤੇ ਰੋਹ ਪੈਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਫਿਲਮ ਵਿੱਚ ਸਾਕਾ ਨੀਲਾ ਤਾਰਾ ਸਮੇਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ’ਤੇ ਕੀਤੇ ਗਏ ਫੌਜੀ ਹਮਲੇ ਦੇ ਨਾਲ ਨਾਲ ਸਿੱਖ ਕਤਲੇਆਮ ਅਤੇ ਨਸਲਕੁਸ਼ੀ ਦੇ ਮਾਮਲੇ ਵਿੱਚ ਵੀ ਸਿੱਖਾਂ ਖਿਲਾਫ ਜ਼ਹਿਰ ਉਗਲਣ ਦੀ ਭਾਵਨਾ ਨਾਲ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਮ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਵੀ ‘ਕਿਰਦਾਰਕੁਸ਼ੀ’ ਕੀਤੀ ਗਈ ਹੈ।

ਉਨ੍ਹਾਂ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਇਸ ਫਿਲਮ ਨੂੰ ਪੰਜਾਬ ਵਿੱਚ 17 ਜਨਵਰੀ ਨੂੰ ਜਾਰੀ ਹੋਣ ਤੋਂ ਤੁਰੰਤ ਰੋਕਿਆ ਜਾਵੇ। ਜੇ ਫਿਲਮ ਪੰਜਾਬ ਵਿੱਚ ਰਿਲੀਜ਼ ਹੁੰਦੀ ਹੈ ਤਾਂ ਇਸ ਦਾ ਸੂਬਾ ਪੱਧਰ ਉੱਤੇ ਸਖ਼ਤ ਵਿਰੋਧ ਕਰਨ ਲਈ ਮਜਬੂਰ ਹੋਣਗੇ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪੱਤਰ ਮੁੱਖ ਮੰਤਰੀ ਦਫਤਰ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਹੋਰਨਾਂ ਨੂੰ ਵੀ ਭੇਜੇ ਗਏ ਹਨ।

ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਇੱਕ ਪੱਤਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਸੌਂਪਿਆ ਗਿਆ ਹੈ।

Advertisement
×