Kartarpur Corridor: ਕਰਤਾਰਪੁਰ ਲਾਂਘਾ ਨਾ ਖੋਲ੍ਹਣ ਸਬੰਧੀ ਫ਼ੈਸਲੇ 'ਤੇ ਕੇਂਦਰ ਸਰਕਾਰ ਮੁੜ ਵਿਚਾਰ ਕਰੇ: Sukhjinder Randhawa
ਲੱਖਾਂ ਸ਼ਰਧਾਲੂਆਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ ਇਹ ਮੁੱਦਾ: ਰੰਧਾਵਾ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ।
ਸੁਰੱਖਿਆ ਚਿੰਤਾਵਾਂ ਦੇ ਮੁੱਦੇ 'ਤੇ ਜਵਾਬ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਕੇਂਦਰ ਨੂੰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ, ਕਿਉਂਕਿ ਇਹ ਲਾਂਘਾ ਸਿਰਫ਼ ਇੱਕ ਸਰਹੱਦੀ ਲਾਂਘਾ ਨਹੀਂ ਹੈ ਬਲਕਿ ਵਿਸ਼ਵਾਸ, ਇਤਿਹਾਸ ਅਤੇ ਲੱਖਾਂ ਸਿੱਖ ਸ਼ਰਧਾਲੂਆਂ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਅਧਿਆਤਮਿਕ ਸੰਬੰਧ ਦਾ ਪ੍ਰਤੀਕ ਹੈ।
ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ 7 ਮਈ, 2025 ਤੋਂ ਸੁਰੱਖਿਆ ਕਾਰਨਾਂ ਕਰਕੇ ਬੰਦ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਫ਼ੈਸਲੇ ਦੀ ਸਮੀਖਿਆ ਕਰੇ ਅਤੇ ਜਲਦੀ ਤੋਂ ਜਲਦੀ ਲਾਂਘੇ ਨੂੰ ਮੁੜ ਖੋਲ੍ਹਣ ਲਈ ਜ਼ਰੂਰੀ ਕਦਮ ਚੁੱਕੇ ਤਾਂ ਜੋ ਸ਼ਰਧਾਲੂ ਇੱਕ ਵਾਰ ਫਿਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕਣ।
ਉਨ੍ਹਾਂ ਕਿਹਾ ਕਿ ਜਦੋਂ ਵੀ ਲਾਂਘਾ ਬੰਦ ਰਹਿੰਦਾ ਹੈ, ਤਾਂ ਹਜ਼ਾਰਾਂ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੀ ਪਵਿੱਤਰ ਧਰਤੀ 'ਤੇ ਮੱਥਾ ਟੇਕਣ ਅਤੇ ਅਸੀਸਾਂ ਪ੍ਰਾਪਤ ਕਰਨ ਦੇ ਮੌਕੇ ਤੋਂ ਵਾਂਝੇ ਰਹਿ ਜਾਂਦੇ ਹਨ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਹ ਸਿਰਫ਼ ਯਾਤਰਾ ਦਾ ਮੁੱਦਾ ਨਹੀਂ ਹੈ, ਸਗੋਂ ਲੱਖਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਨਾਲ ਜੁੜਿਆ ਹੋਇਆ ਮੁੱਦਾ ਹੈ।
ਉਨ੍ਹਾਂ ਕਿਹਾ ਕਿ ਧਾਰਮਿਕ ਆਸਥਾ ਨੂੰ ਕਿਸੇ ਵੀ ਹਾਲਤ ਵਿੱਚ ਰਾਜਨੀਤਿਕ ਨਜ਼ਰੀਏ ਤੋਂ ਨਹੀਂ ਦੇਖਿਆ ਜਾਣਾ ਚਾਹੀਦਾ ਅਤੇ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀ ਧਾਰਮਿਕ ਆਜ਼ਾਦੀ ਤੇ ਵਿਸ਼ਵਾਸਾਂ ਦਾ ਸਤਿਕਾਰ ਕਰਨ।
ਉਨ੍ਹਾਂ ਉਮੀਦ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸਮਝੇਗੀ ਅਤੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦੀ ਤੋਂ ਜਲਦੀ ਮੁੜ ਖੋਲ੍ਹਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇਗੀ।

