Kartarpur Corridor: SGPC ਪ੍ਰਧਾਨ ਧਾਮੀ ਵੱਲੋਂ PM ਮੋਦੀ ਨੂੰ ਪੱਤਰ; ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ
ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਨ ਦੀ ਕੀਤੀ ਅਪੀਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਵੱਲੋਂ ਲਿਖੇ ਗਏ ਪੱਤਰ ਵਿੱਚ ਕਿਹਾ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੇ ਉਪਦੇਸ਼ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸੰਗਤਾਂ ਇਸ ਦੇ ਦਰਸ਼ਨਾਂ ਦੀ ਤਾਂਘ ਹਮੇਸ਼ਾ ਰੱਖਦੀਆਂ ਹਨ।
ਪੱਤਰ ਵਿੱਚ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਨਾਲ ਦੁਨੀਆ ਭਰ ਦੇ ਸਿੱਖਾਂ ਵੱਲੋਂ ਰੋਜ਼ਾਨਾ ਕੀਤੀਆਂ ਜਾਂਦੀਆਂ ਅਰਦਾਸਾਂ ਪੂਰੀਆਂ ਹੋਈਆਂ ਸਨ ਅਤੇ ਲੱਖਾਂ ਸ਼ਰਧਾਲੂਆਂ ਨੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ ਸੀ। ਪਰ ਕੁਝ ਸਮਾਂ ਪਹਿਲਾਂ ਦੋਵਾਂ ਦੇਸ਼ਾਂ ਅੰਦਰ ਬਣੇ ਸੁਰੱਖਿਆ ਹਾਲਾਤਾਂ ਕਾਰਨ ਲਾਂਘੇ ਦੀ ਆਵਾਜਾਈ ਰੋਕੇ ਜਾਣ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿੱਚ ਡੂੰਘੀ ਨਿਰਾਸ਼ਾ ਅਤੇ ਪੀੜਾ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੜ ਖੁੱਲ੍ਹਣਾ ਕੇਵਲ ਧਾਰਮਿਕ ਯਾਤਰਾ ਦੀ ਸਹੂਲਤ ਨਹੀਂ, ਸਗੋਂ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਪਾਵਨ ਅਸਥਾਨ ਦੀ ਵਿਸ਼ੇਸ਼ ਧਾਰਮਿਕ ਮਹੱਤਤਾ ਅਤੇ ਦੁਨੀਆ ਭਰ ਦੇ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇ ਅਤੇ ਸਬੰਧਤ ਮੰਤਰਾਲਿਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਜਾਣ।

