ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਅਕਤੂਬਰ
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਪ੍ਰਬੰਧ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੱਜ ਹਸਨ ਅਬਦਾਲ ਦਾ ਦੌਰਾ ਕਰਕੇ ਸਥਾਨਕ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ। ਜਾਣਕਾਰੀ ਮੁਤਾਬਕ ਹਸਨ ਅਬਦਾਲ ’ਚ ਮੁੱਖ ਸਮਾਗਮ ਕਰਨ ਦੀ ਯੋਜਨਾ ਬਣਾਈ ਗਈ ਹੈ। ਸਿੱਖ ਵਫ਼ਦ ਦੇ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਥਾਨਕ ਪ੍ਰਬੰਧਕਾਂ ਨਾਲ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਵਫ਼ਦ ਨੇ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ’ਤੇ ਕੀਤੇ ਜਾਣ ਵਾਲੇ ਕੀਰਤਨ ਸਮਾਗਮ ਲਈ ਜਗ੍ਹਾ ਦਾ ਜਾਇਜ਼ਾ ਵੀ ਲਿਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸ਼ਤਾਬਦੀ ਸਬੰਧੀ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਕੀਤੇ ਜਾਣਗੇ। ਇਸ ਦੇ ਨਾਲ ਹੀ ਸਾਕੇ ਵਾਲੇ ਸਥਾਨ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ’ਤੇ ਇਕ ਘੰਟੇ ਦਾ ਕੀਰਤਨ ਦਰਬਾਰ ਕਰਨ ਦੀ ਵੀ ਯੋਜਨਾ ਹੈ। ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਸ਼ਾਮਲ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਸਾਬਕਾ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਯਾਤਰਾ ਵਿਭਾਗ ਦੇ ਇੰਚਾਰਜ ਰਾਜਿੰਦਰ ਸਿੰਘ ਰੂਬੀ ਨੇ ਸਥਾਨਕ ਪ੍ਰਬੰਧਕਾਂ ਨਾਲ ਸਮਾਗਮਾਂ ਦੇ ਪ੍ਰਬੰਧਾਂ ਲਈ ਗੱਲਬਾਤ ਕੀਤੀ। ਉਨ੍ਹਾਂ ਨੇੜਲੇ ਇਲਾਕਿਆਂ ਵਿਚੋਂ ਸਿੱਖ ਸੰਗਤ ਨੂੰ ਸ਼ਤਾਬਦੀ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਪੰਜੋਲੀ ਅਤੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਭਾਈ ਰਣਜੀਤ ਸਿੰਘ ਤੇ ਭਾਈ ਕੁਲਬੀਰ ਸਿੰਘ, ਸਥਾਨਕ ਸਿੱਖ ਆਗੂ ਭਾਈ ਸੰਤੋਖ ਸਿੰਘ ਤੇ ਹੋਰ ਪ੍ਰਮੁੱਖ ਸਿੱਖਾਂ ਨਾਲ ਉਨ੍ਹਾਂ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ’ਤੇ ਕੀਤੇ ਜਾਣ ਵਾਲੇ ਕੀਰਤਨ ਸਮਾਗਮ ਲਈ ਸਥਾਨ ਦਾ ਜਾਇਜ਼ਾ ਲਿਆ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ਸਮਾਗਮ ਕੀਤਾ ਜਾ ਸਕੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ’ਚ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਿੱਖ ਵਫ਼ਦ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਲਾਹੌਰ ’ਚ ਪਾਕਿਸਤਾਨ ਔਕਾਫ ਬੋਰਡ ਅਤੇ ਪੀਜੀਪੀਸੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਮਗਰੋਂ ਮੁਲਕ ਪਰਤ ਆਏ ਸਨ। ਦੋਵੇਂ ਧਿਰਾਂ ਵਿਚਾਲੇ ਲਾਹੌਰ ਵਿਚ ਹੋਈ ਮੀਟਿੰਗ ਵਿਚ ਸ਼ਤਾਬਦੀ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਬਾਰੇ ਸਹਿਮਤੀ ਬਣੀ ਸੀ ਅਤੇ ਉਨ੍ਹਾਂ ਆਪੋ ਆਪਣੇ ਕੰਮਾਂ ਦੀ ਵੰਡ ਵੀ ਕਰ ਲਈ ਹੈ। ਸ਼੍ਰੋਮਣੀ ਕਮੇਟੀ ਨੇ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਸਮਾਗਮ ਭਾਰਤ ਅਤੇ ਪਾਕਿਸਤਾਨ ਦੋਵੇਂ ਪਾਸੇ ਕਰਨ ਦੀ ਯੋਜਨਾ ਬਣਾਈ ਹੈ।
ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਸਾਜਿਸ਼ਾਂ ਸਫ਼ਲ ਨਹੀਂ ਹੋਣ ਦਿਆਂਗੇ: ਡਾ. ਚੀਮਾ
ਸ੍ਰੀ ਆਨੰਦਪੁਰ ਸਾਹਿਬ (ਬੀਐੱਸ ਚਾਨਾ): ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਤਖ਼ਤ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਖ਼ਿਲਾਫ਼ ਤਖ਼ਤ ਕੇਸਗੜ੍ਹ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਰੋਸ ਮਾਰਚ 7 ਅਕਤੂਬਰ ਸਵੇਰੇ ਦਸ ਵਜੇ ਸ਼ੁਰੂ ਹੋਵੇਗਾ, ਜਿਸ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਇਸੇ ਤਰ੍ਹਾਂ ਦੂਸਰਾ ਰੋਸ ਮਾਰਚ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਚੱਲੇਗਾ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਡਾ. ਚੀਮਾ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਹਮੇਸ਼ਾ ਸਿੱਖਾਂ ਵਿੱਚ ਵੱਖਰੇਵੇਂ ਪਾਉਣ ਦੀਆਂ ਸਾਜ਼ਿਸ਼ਾਂ ਰਚੀਆਂ ਗਈਆਂ ਤੇ ਜਦੋਂ ਉਹ ਕਾਮਯਾਬ ਨਹੀਂ ਹੋਏ ਤਾਂ ਹੁਣ ਸ਼੍ਰੋਮਣੀ ਕਮੇਟੀ ਦੇ ਮੁਕਾਬਲੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਹੱਥ ਮਿਲਾਉਣ ਦੀਆਂ ਚਰਚਾਵਾਂ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸਾਰਿਆਂ ਦਾ ਅਕਾਲੀ ਦਲ ਵਿੱਚ ਸਵਾਗਤ ਹੈ।