ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 7 ਸਤੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ’ਚ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਵਿੱਚ ਉਤਰ ਭਾਰਤ ਦੇ 6 ਰਾਜਾਂ ਦੀਆਂ 16 ਜਥੇਬੰਦੀਆਂ ਵਲੋਂ ਕੀਤੇ ਐਲਾਨ ਦੇ ਚੱਲਦੇ ਹੜ੍ਹ ਪੀੜ੍ਹਤ ਰਾਜਾਂ ਲਈ 50 ਹਜ਼ਾਰ ਕਰੋੜ ਦੀ ਰਾਹਤ ਰਾਸ਼ੀ ਤੋਂ ਇਲਾਵਾ ਐੱਮਐੱਸਪੀ ਗਾਰੰਟੀ ਕਾਨੂੰਨ ਬਣਾਉਣ, ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਅਤੇ ਦਿੱਲੀ ਮੋਰਚੇ ਦੌਰਾਨ ਬਣੇ ਪੁਲੀਸ ਕੇਸ ਰੱਦ ਕਰਨ, ਕਿਸਾਨਾਂ ਮਜ਼ਦੂਰਾਂ ਦੇ ਪੂਰਨ ਕਰਜ਼ੇ ਮੁਆਫ਼ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ 28 ਸਤੰਬਰ ਤੋਂ 3 ਦਿਨ ਦੇ ਰੇਲ ਰੋਕੋ ਮੋਰਚੇ ਦੀ ਤਿਆਰੀ ਸਬੰਧੀ ਪ੍ਰੋਗਰਾਮ ਬਣਾਏ ਗਏ।
ਆਗੂਆਂ ਨੇ ਦੱਸਿਆ ਕਿ ਭਾਰਤ ਪੱਧਰੀ ਰੇਲ ਰੋਕੋ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਪੰਜਾਬ ਵਿੱਚ ਰੇਲ ਰੋਕੋ ਮੋਰਚਾ ਸ਼ੁਰੂ ਕਰਕੇ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੋਵੇਗੀ। ਉਨ੍ਹਾਂ ਕਿਹਾ ਕਿ 8 ਸਤੰਬਰ ਨੂੰ ਜੀ-20 ਸੰਮੇਲਨ ਦੇ ਵਿਰੋਧ ’ਚ ਪੂਰੇ ਪੰਜਾਬ ਭਰ ਵਿੱਚ ਸੈਂਕੜੇ ਜਗ੍ਹਾ ਅਰਥੀ ਫੂਕ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।