ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 3 ਦਸੰਬਰ
ਇਥੇ ਫੋਕਲ ਪੁਆਇੰਟ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਕੁਲਦੀਪ ਸਿੰਘ ਬੇਗੋਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਸ਼ਿਰਕਤ ਕੀਤੀ। ਇਸ ਮੌਕੇ ਫੰਡਾਂ ਦਾ ਹਿਸਾਬ ਲਿਆ ਗਿਆ ਅਤੇ ਅਗਲੇ ਫੰਡ ਜਮ੍ਹਾਂ ਕਰਵਾਉਣ ਲਈ ਵਿਚਾਰ ਵਟਾਂਦਰਾ ਕਰਦੇ ਹੋਏ 13 ਦਸੰਬਰ ਤੋਂ ਪੰਜਾਬ ਸਰਕਾਰ ਵਿਰੁੱਧ ਜੋ ਰੇਲ ਰੋਕੋ ਪ੍ਰੋਗਰਾਮ ਰੱਖਿਆ ਗਿਆ ਹੈ ਉਸ ਨੂੰ ਵੱਡੇ ਪੱਧਰ ’ਤੇ ਕਾਮਯਾਬ ਕਰਨ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਸਤਨਾਮ ਪੰਨੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਲਈ ਜੋ ਵਾਅਦੇ ਕੀਤੇ ਸਨ ਉਹ ਅਜੇ ਤੱਕ ਪੂਰੇ ਨਹੀਂ ਕੀਤੇ। ਇਨ੍ਹਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਸਰਕਾਰ ਖਿਲਾਫ਼ ਰੇਲ ਰੋਕੋ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਜੋ ਕਿਸਾਨ ਮਜ਼ਦੂਰ ਜਥੇਬੰਦੀ ਦਾ ਦਿੱਲੀ ਮੋਰਚਾ ਚੱਲ ਰਿਹਾ ਹੈ ਉਹ ਵੀ ਚੜ੍ਹਦੀਕਲਾ ਵਿੱਚ ਹੈ ਅਤੇ ਮੰਗਾਂ ਨਾਂ ਪੂਰੀਆਂ ਹੋਣ ਤੱਕ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਹਰਵਿੰਦਰਪਾਲ ਸਿੰਘ ਸੋਨੂੰ, ਮੁਹੰਮਦ ਜੁੰਮਾ, ਮਾਸਟਰ ਕੁਲਵੰਤ ਸਿੰਘ, ਕਮਲਜੀਤ ਕੌਰ, ਕਮਲੇਸ਼ ਰਾਣੀ, ਤਜਿੰਦਰ ਕੌਰ ਮੌਜੂਦ ਸਨ।
ਆਈਜੀ ਬਾਰਡਰ ਰੇਂਜ, ਏਡੀਸੀ ਤੇ ਐੱਸਐੱਸਪੀ ਨੂੰ ਮੰਗ ਪੱਤਰ
ਅੰਮ੍ਰਿਤਸਰ (ਮਨਮੋਹਨ ਸਿੰਘ ਢਿੱਲੋਂ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਦੇ ਹੱਲ ਲਈ 13 ਦਸੰਬਰ ਤੋਂ 2 ਦਿਨਾ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਜਥੇਬੰਦੀ ਦੇ ਆਗੂ ਰਣਜੀਤ ਸਿੰਘ ਕਲੇਰਬਾਲਾ ਤੇ ਸਕੱਤਰ ਸਿੰਘ ਕੋਟਲਾ ਨੇ ਅੱਜ ਆਈਜੀ ਬਾਰਡਰ ਰੇਂਜ ਅੰਮ੍ਰਿਤਸਰ, ਐੱਸਐੱਸਪੀ ਦਿਹਾਤੀ ਅਤੇ ਏਡੀਸੀ ਅੰਮ੍ਰਿਤਸਰ ਨੂੰ ਮੰਗ ਪੱਤਰ ਸੌਂਪਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ 29 ਸਤੰਬਰ ਨੂੰ ਜਥੇਬੰਦੀ ਆਗੂਆਂ ਨਾਲ ਮੀਟਿੰਗ ਕਰਕੇ 20 ਦਿਨਾਂ ਵਿੱਚ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤਕ ਕਿਸੇ ਵੀ ਮੰਗ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਮੋਰਚਾ ਹੋਰ ਵਧਾਇਆ ਜਾਵੇਗਾ।