ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਸਤੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਇੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੇ ਘਰਾਂ ਨੇੜੇ ਸ਼ਾਂਤਮਈ ਤਰੀਕੇ ਨਾਲ ਰੋਸ ਧਰਨਾ ਦੇ ਕੇ ਘਿਰਾਓ ਕੀਤਾ। ਇਸ ਦੀ ਅਗਵਾਈ ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੀਤੀ। ਕਿਸਾਨ ਆਗੂ ਪੰਧੇਰ ਨੇ ਦੋਸ਼ ਲਾਇਆ ਕਿ ਪੰਜਾਬ ਦੀ ਮਾਨ ਸਰਕਾਰ ਵੀ ਮੋਦੀ ਸਰਕਾਰ ਵਾਂਗ ਲੋਕਾਂ ਦੇ ਮਸਲੇ ਹੱਲ ਕਰਨ ਦੀ ਥਾਂ ਲੋਕਾਂ ਦਾ ਧਿਆਨ ਭਟਕਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਲੋਕ ਮਸਲੇ ਹੱਲ ਕਰਨ ਦੇ ਨਾਂ ’ਤੇ ਸਥਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹੋਏ ਕਿਸਾਨ ਅੰਦੋਲਨ ਨੇ ਲੋਕਾਂ ਵਿੱਚ ਆਪਣੇ ਹੱਕਾਂ ਪ੍ਰਤੀ ਚੇਤਨਾ ਪੈਦਾ ਕੀਤੀ ਹੈ ਅਤੇ ਹੁਣ ਇਹ ਚੇਤਨਾ ਪੰਜਾਬ ਲਈ ਸੰਜੀਵਨੀ ਦਾ ਕੰਮ ਕਰੇਗੀ।
ਕਿਸਾਨ ਬੁਲਾਰਿਆਂ ਨੇ ਆਖਿਆ ਕਿ ਵਿਸ਼ਵ ਬੈਂਕ ਤੇ ਵਿਸ਼ਵ ਵਪਾਰ ਸੰਸਥਾ ਵਰਗੇ ਅਦਾਰਿਆਂ ਦੀਆਂ ਨੀਤੀਆਂ ਨੂੰ ਲਾਗੂ ਕਰ ਕੇ ਸਰਕਾਰਾਂ ਲੋਕਾਂ ਦੇ ਹਿੱਤਾਂ ’ਤੇ ਡਾਕੇ ਮਾਰਨ ਵਾਲੇ ਕੰਮ ਕਰ ਰਹੀਆਂ ਹਨ ਪਰ ਕਿਸਾਨ -ਮਜ਼ਦੂਰ ਜਥੇਬੰਦੀਆਂ ਧਰਤੀ ਹੇਠਲੇ ਪਾਣੀ ਤੇ ਦਰਿਆਵਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਤੇ ਪਾਣੀਆਂ ਨੂੰ ਕਾਰਪੋਰੇਟ ਦੇ ਕਬਜ਼ੇ ਵਿੱਚ ਜਾਣ ਤੋਂ ਰੋਕਣ ਲਈ ਤਿਆਰੀ ਕਰ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਕੰਪਨੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰੇ। ਕੇਰਲਾ ਵਾਂਗ ਪੰਜਾਬ ਸਰਕਾਰ ਵੀ ਫ਼ਸਲਾਂ ਦਾ ਐੱਮਐੱਸਪੀ ਤੈਅ ਕਰਨ ਲਈ ਗਾਰੰਟੀ ਕਾਨੂੰਨ ਬਣਾਵੇ ਅਤੇ 23 ਫ਼ਸਲਾਂ ਲਈ ਗਾਰੰਟੀ ਕਾਨੂੰਨ ਬਣਾਇਆ ਜਾਵੇ, ਲੰਪੀ ਸਕਿਨ ਬਿਮਾਰੀ ਨਾਲ ਮਰਨ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ ਮੁਆਵਜ਼ਾ ਤੇ ਇਲਾਜ ਦਾ ਖਰਚਾ ਦਿੱਤਾ ਜਾਵੇ, ਮਜ਼ਦੂਰਾਂ ਨੂੰ ਮਨਰੇਗਾ ਹੇਠ ਸਾਰਾ ਸਾਲ ਰੁਜ਼ਗਾਰ ਦਿੱਤਾ ਜਾਵੇ, ਕਿਸਾਨਾਂ ਤੇ ਮਜ਼ਦੂਰਾਂ ਦੇ ਸਾਰੇ ਕਰਜ਼ੇ ਖਤਮ ਕੀਤੇ ਜਾਣ। ਕਿਸਾਨ ਬੁਲਾਰਿਆਂ ਵਿੱਚ ਸ਼ਾਮਲ ਗੁਰਲਾਲ ਸਿੰਘ ਮਾਨ ,ਕੰਧਾਰਾ ਸਿੰਘ ਭੋਏਵਾਲ ,ਬੀਬੀ ਹਰਜਸ ਕੋਰ ਬੱਗਾ, ਬੀਬੀ ਗੁਰਜੀਤ ਕੌਰ ਕੋਟਲਾ ਤੇ ਹੋਰ ਬੀਬੀਆਂ ਨੇ ਸੰਬੋਧਨ ਕਰਦਿਆਂ ਨਸ਼ੇ ਖਿਲਾਫ ਆਵਾਜ਼ ਬੁਲੰਦ ਕੀਤੀ।
ਪੱਟੀ (ਬੇਅੰਤ ਸਿੰਘ ਸੰਧੂ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਵਰਕਰਾਂ ਵੱਲੋਂ ਪੱਟੀ ਸ਼ਹਿਰ ਦੇ ਬਾਜ਼ਾਰ ’ਚ ਰੋਸ ਮਾਰਚ ਕਰਨ ਮਗਰੋਂ ਕੈਬਨਿਟ ਮੰਤਰੀ ਲਾਲਜੀਤਸਿੰਘ ਭੁੱਲਰ ਦੀ ਪੱਟੀ ਸਥਿਤ ਰਿਹਾਇਸ਼ ਸ਼ਾਹਮਣੇ ਰੋਸ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਸਭਰਾ, ਤਰਸੇਮ ਸਿੰਘ ਧਾਰੀਵਾਲ, ਫਤਿਹ ਸਿੰਘ ਪਿੱਦੀ ਤੇ ਹਰਜਿੰਦਰ ਸਿੰਘ ਸ਼ਕਰੀ ਨੇ ‘ਆਪ’ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਸਖਤ ਐਕਸ਼ਨ ਕਰਨ ਲਈ ਮਜਬੂਰ ਹੋਵੇਗੀ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਸੰਯੁਕਤ ਕਿਸਾਨ ਮੋਰਚੇ ਦੀਆਂ 31 ਜਥੇਬੰਦੀਆਂ ਦੇ ਸੱਦੇ ’ਤੇ ਪੰਜ ਕਿਸਾਨ ਜਥੇਬੰਦੀਆਂ ਨੇ ਅੱਜ ਇੱਥੇ ਇਕੱਠ ਕੀਤਾ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਮੰਗ ਪੱਤਰ ਦੇਣ ਲਈ ਉਨ੍ਹਾਂ ਦੀ ਕੋਠੀ ਵੱਲ ਮਾਰਚ ਕੀਤਾ।
ਮਾਰਚ ਦੀ ਅਗਵਾਈ ਕਿਸਾਨ ਆਗੂ ਮਨਜੀਤ ਸਿੰਘ ਰਾਏ, ਜਗਤਾਰ ਸਿੰਘ ਭਿੰਡਰ, ਗੁਰਮੇਸ਼ ਸਿੰਘ, ਪ੍ਰਿਤਪਾਲ ਸਿੰਘ, ਧਰਮਿੰਦਰ ਸਿੰਘ, ਕੁਲਵਿੰਦਰ ਸਿੰਘ ਅਤੇ ਕੁਲਜਿੰਦਰ ਸਿੰਘ ਨੇ ਕੀਤੀ। ਪੁਲੀਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਕਿਸਾਨ ਉੱਥੇ ਹੀ ਧਰਨਾ ਲਗਾ ਕੇ ਬੈਠ ਗਏ। ਕੈਬਨਿਟ ਮੰਤਰੀ ਦੀ ਗੈਰ ਮੌਜੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਪਹੁੰਚ ਕੇ ਧਰਨਾਕਾਰੀਆਂ ਕੋਲੋਂ ਮੰਗ ਪੱਤਰ ਲਿਆ।