ਤਰਨ ਤਾਰਨ ’ਚ ਆਜ਼ਾਦੀ ਦਿਹਾੜੇ ’ਤੇ ਲਾਲ ਚੰਦ ਕਟਾਰੂਚੱਕ ਨੇ ਤਿਰੰਗਾ ਲਹਿਰਾਇਆ
ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿੱਚ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਲਾਲਚੰਦ ਕਟਾਰੂਚੱਕ ਨੇ ਨਿਭਾਈ। ਪੰਜਾਬ ਪੁਲੀਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਟ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ।
ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ ਜੱਜ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਰਾਹੁਲ, ਡੀਆਈਜੀ ਰਾਜਪਾਲ ਸਿੰਘ ਸੰਧੂ, ਐੱਸਐੱਸਪੀ ਦੀਪਕ ਪਾਰਿਕ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਲਾਲਚੰਦ ਕਟਾਰੂਚੱਕ ਆਪਣੇ ਸੰਦੇਸ਼ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਅਤੇ ਕਿਹਾ ਸਰਕਾਰ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਵੀ ਸਥਾਪਿਤ ਕੀਤਾ ਹੈ। ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਕੈਬਨਿਟ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੀ ਭੇਟ ਕੀਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।