ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਜਨਵਰੀ
ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ-ਘਰ ਵਿੱਚ ਹੁਣ ਭਾਫ਼ ਵਿਧੀ ਨਾਲ ਲੰਗਰ ਤਿਆਰ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਹੇਠ ਆਉਂਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਲੰਗਰ ਤਿਆਰ ਕਰਨ ਲਈ ਜਲਦ ਹੀ ਭਾਫ਼ ਵਿਧੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਸਬੰਧੀ ਰਾੜਾ ਸਾਹਿਬ ਸੰਪਰਦਾ ਦਾ ਸਹਿਯੋਗ ਲਿਆ ਜਾ ਰਿਹਾ ਹੈ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ ਕੁਝ ਦਿਨ ਪਹਿਲਾਂ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਸੀ, ਜਿਸਨੂੰ ਹੁਣ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨਾਲ ਵੀ ਇਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਹੈ।
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਭਾਫ਼ ਵਿਧੀ ਨਾਲ ਲੰਗਰ ਤਿਆਰ ਕਰਨ ਦੀ ਯੋਜਨਾ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ-ਘਰ ਤੋਂ ਕੀਤੀ ਜਾਵੇਗੀ। ਇਸ ਤਰ੍ਹਾਂ ਬਾਲਣ ਦੀ ਵੀ ਬੱਚਤ ਹੋਵੇਗੀ ਅਤੇ ਪ੍ਰਦੂਸ਼ਣ ਤੋਂ ਵੀ ਬਚਾਅ ਹੋਵੇਗਾ। ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ (ਸ਼ਹੀਦਾਂ) ਵਿੱਚ ਇਹ ਪ੍ਰਾਜੈਕਟ ਸ਼ੁਰੂ ਕੀਤਾ ਜਾ ਚੁੱਕਾ ਹੈ। ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਰਾੜਾ ਸਾਹਿਬ ਵਿੱਚ 10 ਸਾਲਾਂ ਤੋਂ ਇਸ ਵਿਧੀ ਨਾਲ ਲੰਗਰ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੰਗਰ ਤਿਆਰ ਕਰਨ ਲਈ ਸਮਾਂ ਵੀ ਘੱਟ ਲਗਦਾ ਹੈ ਅਤੇ ਗੈਸ ਦੀ ਵੀ ਘੱਟ ਵਰਤੋਂ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਹਰਿਮੰਦਰ ਸਾਹਿਬ ਵਿੱਚ ਗੈਸ ਸਪਲਾਈ ਲਈ ਪਾਈਪ ਲਾਈਨ ਵਿਛੀ ਹੋਈ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਹੀ ਯੋਜਨਾ ਤਿਆਰ ਹੋਵੇਗੀ।