ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਅਗਸਤ
ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਉਭਾਰਨ ਦੀ ਮੰਗ ਨੂੰ ਲੈ ਕੇ ਹਵਾਰਾ ਕਮੇਟੀ ਵੱਲੋਂ ਹਲਕਾ ਭੁਲੱਥ ਦੇ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਮੰਗ ਪੱਤਰ ਦਿੱਤਾ ਗਿਆ। ਹਵਾਰਾ ਕਮੇਟੀ ਮੰਗ ਕਰ ਰਹੀ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਆਗੂ ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਬੰਦੀ ਸਿੰਘੲ ਦੀ ਰਿਹਾਈ ਲਈ ਕੋਈ ਵੀ ਕਾਨੂੰਨੀ ਅਤੇ ਸੰਵਿਧਾਨਿਕ ਰੁਕਾਵਟ ਨਹੀਂ ਹੈ। ਅਦਾਲਤ ਵੱਲੋਂ ਨਿਰਧਾਰਿਤ ਸਜ਼ਾ ਪੁੂਰੀ ਕਰਨ ਦੇ ਬਾਅਦ ਰਿਹਾਈ ਉਨ੍ਹਾਂ ਦਾ ਹੱਕ ਬਣਦਾ ਹੈ। ਦੋ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਇਨ੍ਹਾਂ ਦਾ ਆਚਾਰ ਅਤੇ ਵਿਵਹਾਰ ਵੀ ਚੰਗਾ ਰਿਹਾ ਹੈ। ਇਸ ਲਈ ਪੰਜਾਬ ਦੇ ਸਮੂਹ ਵਿਧਾਇਕ ਆਪਣੀ ਸੰਵਿਧਾਨਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਤਾਮਿਲਨਾਡੂ ਦੀ ਤਰਜ਼ ’ਤੇ ਵਿਧਾਨ ਸਭਾ ਵਿੱਚ ਇਨ੍ਹਾਂ ਸਿੰਘਾਂ ਦੀ ਰਿਹਾਈ ਵਾਸਤੇ ਮਤਾ ਪਾਸ ਕਰਨ।
ਉਨ੍ਹਾਂ ਦੱਸਿਆ ਕਿ ਵਿਧਾਇਕਾਂ ਨੂੰ ਚੇਤੇ ਕਰਾਇਆ ਜਾ ਰਿਹਾ ਹੈ ਕਿ ਇਹ ਬੰਦੀ ਸਿੰਘ ਪੰਜਾਬ ਦੇ ਵਾਸੀ ਹਨ ਅਤੇ ਸੂਬੇ ਦੇ ਲੋਕਾਂ ਦੀ ਮੰਗ ਹੈ ਕਿ ਮਨੁੱਖੀ ਅਧਿਕਾਰਾਂ ਦੀ ਕਦਰ ਕਰਦੇ ਹੋਏ ਇਨ੍ਹਾਂ ਦੀ ਰਿਹਾਈਆਂ ਨੂੰ ਯਕੀਨੀ ਬਣਾਇਆ ਜਾਵੇ। ਕਮੇਟੀ ਆਗੂ ਬਲਦੇਵ ਸਿੰਘ ਨਵਾਪਿੰਡ ਅਤੇ ਮਹਾਂਬੀਰ ਸਿੰਘ ਸੁਲਤਾਨਵਿੰਡ ਨੇ ਦੱਸਿਆ ਕਿ ਪੰਜਾਬ ਦੇ ਮੁੱਦਿਆਂ ਦੀ ਬੇਬਾਕੀ ਨਾਲ ਵਕਾਲਤ ਕਰਨ ਵਾਲੇ ਵਿਧਾਇਕ ਸੁਖਪਾਲ ਖਹਿਰਾ ਨੇ ਭਰੋਸਾ ਦਿੱਤਾ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਹਕ ਵਿਚ ਹਨ ਅਤੇ ਵਿਧਾਨ ਸਭਾ ਵਿਚ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਚੁੱਕਣਗੇ। ਇਸ ਮੌਕੇ ਤੇ ਬਾਰਡਰ ਕਿਸਾਨ ਯੁੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਖੇਮਕਰਨ, ਨਰਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਚਾਹਲ ਮੌਜੂਦ ਸਨ।