ਪੱਤਰ ਪ੍ਰੇਰਕ
ਅੰਮ੍ਰਿਤਸਰ, 26 ਨਵੰਬਰ
ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਸਹਿਯੋਗ ਨਾਲ ਪ੍ਰਸਿੱਧ ਕਹਾਣੀਕਾਰ ਕੁਲਵੰਤ ਸਿੰਘ ਵਿਰਕ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਗੋਸ਼ਟੀ ਕਰਵਾਈ ਗਈ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਵਿਕਾਸ ਲਈ ਪੂਰਨ ਪ੍ਰਤੀਬੱਧ ਹੈ। ਇਸ ਸਾਹਿਤਕ ਗੋਸ਼ਟੀ ਦੀ ਪ੍ਰਧਾਨਗੀ ਡਾ. ਜੋਗਿੰਦਰ ਸਿੰਘ ਕੈਰੋਂ ਪ੍ਰਸਿਧ ਲੋਕਧਾਰਾ ਸ਼ਾਸਤਰੀ ਤੇ ਸੇਵਾਮੁਕਤ ਪ੍ਰੋਫ਼ੈਸਰ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੀਤੀ। ਇਸ ਸਾਹਿਤਕ ਗੋਸ਼ਟੀ ਵਿਚ ਪੰਜਾਬੀ ਕਹਾਣੀ ਆਲੋਚਨਾ ਦੇ ਦੋ ਉਘੇ ਵਿਦਵਾਨਾਂ ਡਾ. ਧਨਵੰਤ ਕੌਰ ਅਤੇ ਡਾ. ਗੁਰਮੁਖ ਸਿੰਘ (ਪ੍ਰੋਫ਼ੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ ਕੁਲਵੰਤ ਸਿੰਘ ਵਿਰਕ ਦੀ ਸਿਰਜਣ ਪ੍ਰਕਿਰਿਆ ਨੂੰ ਆਧਾਰ ਬਣਾ ਕੇ ਪਰਚੇ ਪੇਸ਼ ਕੀਤੇ। ਮੰਚ ਸੰਚਾਲਨ ਦੀ ਭੂਮਿਕਾ ਤਜਿੰਦਰ ਸਿੰਘ ਗਿੱਲ ਨੇ ਨਿਭਾਈ। ਵੀਰਪਾਲ ਕੌਰ (ਡਿਪਟੀ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ) ਨੇ ਮੁਖ ਮਹਿਮਾਨ, ਵਿਸ਼ੇਸ਼ ਮਹਿਮਾਨ, ਪ੍ਰਧਾਨ ਤੇ ਭਾਸ਼ਣ ਕਰਤਾ, ਅਧਿਆਪਕਾਂ, ਖੋਜ-ਵਿਦਿਆਰਥੀਆਂ ਤੇ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ।