ਪੱਤਰ ਪ੍ਰੇਰਕ
ਅੰਮ੍ਰਿਤਸਰ, 14 ਜਨਵਰੀ
ਖ਼ਾਲਸਾ ਕਾਲਜ ਆਫ਼ ਨਰਸਿੰਗ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵਿਮੈਨ ਅਤੇ ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਨਰਸਿੰਗ ਕਾਲਜ ਦੀ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ ਅਤੇ ਵਿਮੈਨ ਕਾਲਜ ਤੋਂ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ ਅਤੇ ਮਾਘੀ ਮੇਲੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ’ਚ ਲੋਕਾਂ ਨੇ ਤਿਉਹਾਰਾਂ ਨੂੰ ਨਵਾਂ ਰੂਪ ਦੇ ਦਿੱਤਾ ਹੈ, ਇਸ ਲਈ ਜ਼ਰੂਰਤ ਹੈ ਕਿ ਇਸ ਦੇ ਪੁਰਾਤਨ ਸਰੂਪ ਨੂੰ ਕਾਇਮ ਰੱਖਣ ਲਈ ਵਿੱਦਿਅਕ ਸੰਸਥਾਵਾਂ ’ਚ ਅਜਿਹੇ ਤਿਉਹਾਰ ਮਨਾਏ ਜਾਣ ਤਾਂ ਜੋ ਨਵੀਂ ਪੀੜ੍ਹੀ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣੂ ਹੋਵੇ। ਉਨ੍ਹਾਂ ਕਿਹਾ ਕਿ ਸਮੇਂ ਦੇ ਬਦਲਣ ਨਾਲ ਅੱਜ‐ਕੱਲ੍ਹ ਧੀਆਂ ਦੀ ਲੋਹੜੀ ਵੀ ਮਨਾਈ ਜਾ ਰਹੀ ਹੈ ਜੋ ਕਿ ਸਮਾਜ ਦੀ ਬਦਲਦੀ ਸੋਚ ਨੂੰ ਦਰਸਾਉਂਦੀ ਹੈ। ਇਸ ਮੌਕੇ ਵਿੱਦਿਅਕ ਸੰਸਥਾਵਾਂ ਦੇ ਸਮੂਹ ਸਟਾਫ਼ ਵੱਲੋਂ ਲੋਹੜੀ ਨਾਲ ਸਬੰਧਿਤ ਵਿਚਾਰ, ਲੋਕ ਗੀਤ ਅਤੇ ਟੱਪੇ ਸੁਣਾ ਕੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ ਗਿਆ।