ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਅਗਸਤ
ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਿੱਚ ਸ਼ਰਾਬ ਮਾਫੀਆ ਦੇ ਕੰਮ ਦੀ ਉਚ ਪੱਧਰੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ। ਐੱਨਡੀਪੀਐੱਸ ਕੇਸ ਵਿੱਚ ਜ਼ਮਾਨਤ ’ਤੇ ਰਿਹਾਅ ਹੋ ਕੇ ਆਏ ਸ੍ਰੀ ਮਜੀਠੀਆ ਨੇ ਅੱਜ ਇੱਥੇ ਸਥਾਨਕ ਸ਼ਿਵਾਲਾ ਮੰਦਰ ਵਿੱਚ ਮੱਥਾ ਟੇਕਿਆ।
ਇੱਥੇ ਮੱਥਾ ਟੇਕਣ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਦਿੱਲੀ ਵਿੱਚ ਸ਼ਰਾਬ ਮਾਫੀਆ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ ਜਿਸ ਨੇ ਦਿੱਲੀ ਦੇ ਸਾਰੇ ਸ਼ਰਾਬ ਕਾਰੋਬਾਰ ’ਤੇ ਕਬਜ਼ਾ ਕਰ ਲਿਆ ਸੀ। ਇਸੇ ਸੰਦਰਭ ਵਿੱਚ ਪੰਜਾਬ ਵਿੱਚ ਸ਼ਰਾਬ ਮਾਫੀਆ ਦੀ ਉਚ ਪੱਧਰੀ ਜਾਂਚ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ‘ਆਪ’ ਸਰਕਾਰ ਖ਼ਜ਼ਾਨਾ ਲੁੱਟ ਰਹੀ ਹੈ ਤਾਂ ਜੋ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿੱਚ ਚੋਣਾਂ ਲੜੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ, ਜਿਸ ਨਾਲ ਸ਼ਰਾਬ ਦਾ ਕਾਰੋਬਾਰ ਕੁਝ ਚੋਣਵੇਂ ਲੋਕਾਂ ਦੇ ਹੱਥਾਂ ਵਿੱਚ ਸਿਮਟ ਕੇ ਰਹਿ ਗਿਆ ਹੈ, ਦਿੱਲੀ ਦੀ ਆਬਕਾਰੀ ਨੀਤੀ ਦੀ ਨਕਲ ਹੈ। ਸਿਹਤ ਮੰਤਰੀ ਤੇ ‘ਆਪ’ ਵਿਧਾਇਕਾਂ ਵੱਲੋਂ ਹਸਪਤਾਲਾਂ ਵਿੱਚ ਦਖਲ-ਅੰਦਾਜ਼ੀ ਬਾਰੇ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਬੇਲੋੜੀ ਦਖਲਅੰਦਾਜ਼ੀ ਹੈ ਅਤੇ ਡਾਕਟਰਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਾਬਾ ਫਰੀਦ ਯੂਨੀਵਰਸਿਟੀ ਦੇ ਨਾਲ ਨਾਲ ਸਰਕਾਰੀ ਹਸਪਤਾਲਾਂ ਵਾਸਤੇ ਪੈਸਾ ਜਾਰੀ ਨਹੀਂ ਕਰ ਰਹੀ ਜਦੋਂ ਕਿ ਆਪ ਦੇ ਵਿਧਾਇਕ ਸਿਹਤ ਮਾਹਰਾਂ ਨਾਲ ਲੜ ਰਹੇ ਹਨ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ। ਸੂਬੇ ਦੀਆਂ ਔਰਤਾਂ 1 ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਉਡੀਕ ਕਰ ਰਹੀਆਂ ਹਨ ਜਦੋਂ ਕਿ ਠੇਕੇ ’ਤੇ ਕੰਮ ਕਰਦੇ ਮੁਲਾਜ਼ਮ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਹਨ ਅਤੇ ਨੌਜਵਾਨ ਸਰਕਾਰੀ ਨੌਕਰੀਆਂ ਉਡੀਕ ਰਹੇ ਹਨ। ਉਨ੍ਹਾਂ ਬਦਲਾਖੋਰੀ ਦੀ ਰਾਜਨੀਤੀ ਤਿਆਗਣ ਦਾ ਸੱਦਾ ਦਿੱਤਾ। ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਚਲੇ ਗਏ ਹਨ ਅਤੇ ਵਾਪਸ ਨਹੀਂ ਪਰਤ ਰਹੇ ਜਦੋਂ ਕਿ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੋਸ਼ੀ ਠਹਿਰਾਏ ਜਾਣ ਮਗਰੋਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਸ੍ਰੀ ਮਜੀਠੀਆ ਜੇਲ੍ਹ ਤੋਂ ਪਰਤਣ ਮਗਰੋਂ ਅੱਜ-ਕੱਲ੍ਹ ਵੱਖ ਵੱਖ ਧਰਮ ਅਸਥਾਨਾਂ ’ਤੇ ਜਾ ਕੇ ਸ਼ੁਕਰਾਨਾ ਕਰ ਰਹੇ ਹਨ।