Gagandeep Singh Randhawa ਦੇ ਘਰ ਦੀ ਬਿਜਲੀ ਕੱਟਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਵਿਅਕਤੀ ਦੀ ਪੁਲੀਸ ਹਿਰਾਸਤ ਦੌਰਾਨ ਮੌਤ
ਪਰਿਵਾਰ ਨੇ ਪੁਲੀਸ ਤਸ਼ੱਦਦ ਕਾਰਨ ਮੌਤ ਹੋਣ ਦਾ ਲਗਾਇਆ ਦੋਸ਼
ਪਿਛਲੇ ਮਹੀਨੇ ਖੁਦਕੁਸ਼ੀ ਕਰਨ ਵਾਲੇ ਪੰਜਾਬ ਰਾਜ ਗੋਦਾਮ ਨਿਗਮ ਦੇ ਜ਼ਿਲ੍ਹਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਘਰ ਦੀ ਬਿਜਲੀ ਕੱਟਣ ਦੇ ਦੋਸ਼ ਹੇਠ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀ ਗੁਰਬਖਸ਼ੀਸ਼ ਸਿੰਘ ਦੀ ਪੁਲੀਸ ਹਿਰਾਸਤ ਦੌਰਾਨ ਮੌਤ ਹੋਣ ਦੀ ਸੂਚਨਾ ਮਿਲੀ ਹੈ।
ਪੁਲੀਸ ਨੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾ ਵਿੱਚ ਗੁਰਬਖਸ਼ੀਸ਼ ਸਿੰਘ ਵੀ ਸ਼ਾਮਿਲ ਸੀ। ਉਹ ਪੰਜ ਦਿਨ ਦੇ ਪੁਲੀਸ ਰਿਮਾਂਡ 'ਤੇ ਸੀ। ਪੁਲੀਸ ਸੂਤਰਾਂ ਮੁਤਾਬਕ ਗੁਰਬਖਸ਼ੀਸ਼ ਸਿੰਘ ਵਾਸੀ ਫੈਜਪੁਰਾ ਐਚ ਆਈ ਵੀ ਨਾਲ ਪੀੜਤ ਸੀ ਅਤੇ ਉਸ ਦੇ ਪਰਿਵਾਰ ਵੱਲੋਂ ਉਸ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਸੀ। ਹਿਰਾਸਤ ਦੌਰਾਨ ਉਸ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਦੂਜੇ ਪਾਸੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਗੁਰਬਖਸ਼ੀਸ਼ ਸਿੰਘ ਦੀ ਮੌਤ ਪੁਲੀਸ ਹਿਰਾਸਤ ਦੌਰਾਨ ਤਸ਼ੱਦਦ ਕਰਕੇ ਹੋਈ ਹੈ। ਫਿਲਹਾਲ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨ ਸਾਹਮਣੇ ਆਉਣਗੇ।ਉੱਥੇ ਹੀ ਰਣਜੀਤ ਐਵੇਨਿਊ ਪੁਲੀਸ ਥਾਣੇ ਦੇ ਇੰਚਾਰਜ ਰੋਬਿਨ ਹੰਸ ਨੇ ਕਿਹਾ ਕਿ ਮਾਮਲਾ ਜਾਂਚ ਅਧੀਨ ਹੈ।
ਜ਼ਿਕਰਯੋਗ ਹੈ ਕਿ ਗਗਨਦੀਪ ਸਿੰਘ ਰੰਧਾਵਾ ਦੇ ਘਰ ਦੀ ਬਿਜਲੀ ਦੀ ਸਪਲਾਈ ਕਿਸੇ ਨੇ ਕੱਟ ਦਿੱਤੀ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਇਸ ਸਬੰਧੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ।

