ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਮਈ
ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅੱਜ ਸਹਿਜ ਪਾਠ ਦੀ ਅਰੰਭਤਾ ਕੀਤੀ ਗਈ ਹੈ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਅਤੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਸਮੇਤ ਹੋਰ ਹਾਜ਼ਰ ਸਨ। ਆਰੰਭਤਾ ਦੀ ਅਰਦਾਸ ਮਗਰੋਂ ਪ੍ਰਧਾਨ ਡਾ. ਇੰਦਰਬੀਰ ਸਿੰਘ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਵਲੋਂ ਨਵੀਂ ਪਨੀਰੀ ਨੂੰ ਆਪਣੇ ਵਿਰਸੇ ਤੇ ਸਿੱਖੀ ਨਾਲ ਜੋੜਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ ਨੇ ਦੱਸਿਆ ਕਿ ਦੀਵਾਨ ਵਲੋਂ ਰੱਖੇ ਗਏ ਸਹਿਜ ਪਾਠ ਦਾ ਭੋਗ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ 3 ਜੂਨ ਨੂੰ ਪਾਇਆ ਜਾਵੇਗਾ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪ੍ਰੋ. ਹਰੀ ਸਿੰਘ, ਹਰਭਜਨ ਸਿੰਘ ਅਤੇ ਮੁੱਖ ਦਫ਼ਤਰ ਦਾ ਸਟਾਫ ਹਾਜ਼ਰ ਸੀ।