ਅਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਕੱਢੇ ਨਗਰ ਕੀਰਤਨ ਨਾਲ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਰਸਮੀ ਆਗਾਜ਼
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਆਰੰਭ ਹੋਏ ਪਹਿਲੇ ਨਗਰ ਕੀਰਤਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ ਕੀਤਾ ਜਾਵੇ।
ਇਹ ਨਗਰ ਕੀਰਤਨ ਅੱਜ ਅਸਾਮ ਦੇ ਜ਼ਿਲ੍ਹਾ ਧੋਬੜੀ ਸਾਹਿਬ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਹੈ। ਨਗਰ ਕੀਰਤਨ ਦੇਸ਼ ਭਰ ਵਿੱਚ 23 ਸੂਬਿਆਂ ਤੋਂ ਹੁੰਦਾ ਹੋਇਆ ਨਵੰਬਰ ਮਹੀਨੇ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਆਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
ਇਸ ਤੋਂ ਪਹਿਲਾਂ ਅੱਜ ਗੁਰਦੁਆਰਾ ਧੋਬੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਗੁਰਮਤਿ ਰਵਾਇਤਾਂ ਮੁਤਾਬਕ ਖਾਲਸਾਈ ਜੈਕਾਰਿਆਂ ਨਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ।
ਇਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਤੇ ਸੰਗਤ ਹਾਜ਼ਰ ਸੀ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਧਰਮ ਦੀ ਖਾਤਰ, ਤਿਲਕ ਤੇ ਜੰਞੂ ਦੀ ਰਾਖੀ ਵਾਸਤੇ ਦਿੱਤੀ ਸੀ। ਉਨ੍ਹਾਂ ਆਖਿਆ ਕਿ ਸੁਪਰੀਮ ਕੋਰਟ ਨੇ ਆਖਿਆ ਹੈ ਕਿ ਜਿਨ੍ਹਾਂ ਕੈਦੀਆਂ ਦੀਆਂ ਸਜ਼ਾਵਾਂ ਦੀ ਮਿਆਦ ਪੂਰੀ ਹੋ ਚੁੱਕੀ ਹੈ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਲਈ ਇਹ ਇੱਕ ਅਜਿਹਾ ਮੌਕਾ ਹੈ ਕਿ ਉਹ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਕਰਨ।
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਨਗਰ ਕੀਰਤਨ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਲੈ ਕੇ ਵੱਖ ਵੱਖ ਸੂਬਿਆਂ ਤੋਂ ਲੰਘੇਗਾ। ਉਨ੍ਹਾਂ ਸੰਗਤਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਧੋਬੜੀ ਸਾਹਿਬ ਦੇ ਡਿਪਟੀ ਕਮਿਸ਼ਨਰ ਦਿਪਾਕਰਨਾਥ ਨੇ ਸੂਬਾ ਸਰਕਾਰ ਵੱਲੋਂ ਆਏ ਸਿਖ ਆਗੂਆਂ ਨੂੰ ਸੂਬੇ ਦੇ ਮਹਿਮਾਨ ਦਾ ਦਰਜਾ ਦਿੰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਨਗਰ ਕੀਰਤਨ ਸੂਬੇ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਤੇ ਸ਼ਾਂਤੀ ਦਾ ਸੁਨੇਹਾ ਦੇਵੇਗਾ।