ਸ਼ਹੀਦੀ ਸ਼ਤਾਬਦੀ: ਅਸਾਮ ਤੋਂ ਆਰੰਭ ਨਗਰ ਕੀਰਤਨ ਭੋਪਾਲ ਪੁੱਜਾ
ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸ਼ਹੀਦੀ ਸ਼ਤਾਬਦੀ ਸਮਾਗਮਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਗਰ (ਭਗਵਾਨ ਗੰਜ) ਤੋਂ ਅਗਲੇ ਪੜਾਅ ਗੁਰਦੁਆਰਾ ਨਾਨਕਸਰ ਸਾਹਿਬ ਭੋਪਾਲ ਲਈ ਰਵਾਨਾ ਹੋਇਆ ਅਤੇ ਸ਼ਾਮ ਸਮੇ ਉਥੇ ਪੁੱਜਾ ਹੈ। ਰਸਤੇ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਸ਼ਰਧਾ ਪੂਰਵਕ ਸਵਾਗਤ ਕੀਤਾ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਗੁਰੂ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਗੁਰਦੁਆਰਾ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦਾ ਸਾਗਰ ਪਹੁੰਚਣ ’ਤੇ ਵਿਧਾਇਕ ਸ੍ਰੀ ਸੈਲ ਇੰਦਰ ਜੈਨ ਅਤੇ ਹਲਕਾ ਰਹੇਲੀ ਦੇ ਵਿਧਾਇਕ ਪੰਡਿਤ ਗੋਪਾਲ ਸਹਿਰੈਗੋ ਵੱਲੋਂ ਵੀ ਸਹਿਯੋਗੀਆਂ ਸਮੇਤ ਸਵਾਗਤ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਇੰਚਾਰਜ ਪਲਵਿੰਦਰ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਅਮਰਜੀਤ ਸਿੰਘ , ਸਿੱਖ ਮਿਸ਼ਨ ਉਜੈਨ ਦੇ ਇੰਚਾਰਜ ਭਾਈ ਬਲਦੇਵ ਸਿੰਘ ਓਗਰਾ ਸਮੇਤ ਸੰਗਤਾਂ ਹਾਜ਼ਰ ਸਨ।