ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ : ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਆਸਨਸੋਲ ਪੁੱਜਾ
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ। ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਡਨਲੌਪ ਕੋਲਕੱਤਾ ਤੋਂ ਰਵਾਨਾ ਹੋ ਕੇ ਆਸਨਸੋਲ ਪੁੱਜਾ। ਰਸਤੇ ਵਿੱਚ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਅੱਜ ਰਵਾਨਗੀ ਤੋਂ ਪਹਿਲਾਂ ਸਜਾਏ ਧਾਰਮਿਕ ਦੀਵਾਨ ਵਿੱਚ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ।
ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਪ੍ਰਬੰਧਕਾਂ ਵੱਲੋਂ ਸਿਰੋਪਾਓ ਦਿੱਤੇ ਗਏ।
ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਡਨਲੌਪ ਕੋਲਕੱਤਾ ਤੋਂ ਆਰੰਭ ਹੋ ਕੇ ਵਰਧਮਾਨ, ਅੰਛਾਲ, ਰਾਣੀਗੰਜ, ਦੁਰਗਾਪੁਰ ਤੋਂ ਹੁੰਦਾ ਹੋਇਆ ਆਸਨਸੋਲ ਪੁੱਜਾ ਹੈ । ਰਸਤੇ ਵਿੱਚ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੌਰਾਨ ਵਿਸ਼ੇਸ ਬੱਸ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਗਏ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਸਤਾਵੇਜ਼ੀ ਵੀਡੀਓ ਦਿਖਾਈਆ।
ਇਹ ਨਗਰ ਕੀਰਤਨ ਅੱਜ ਰਾਤ ਆਸਨਸੋਲ ਰੁਕੇਗਾ, ਜਿਥੋਂ 26 ਅਗਸਤ ਨੂੰ ਅਗਲੇ ਪੜਾਅ ਟਾਟਾ ਨਗਰ ਲਈ ਰਵਾਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ , ਅਧਿਕਾਰੀ, ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਰਣਜੀਤ ਸਿੰਘ, ਭਾਈ ਜਤਿੰਦਰ ਸਿੰਘ ਚਾਹਲ, ਭਾਈ ਇੰਦਰਜੀਤ ਸਿੰਘ ਸੇਖੋਂ, ਭਾਈ ਬਲਵੰਤ ਸਿੰਘ ਸੇਖੋਂ, ਭਾਈ ਇੰਦਰਪ੍ਰੀਤ ਸਿੰਘ, ਭਾਈ ਗੁਰਮੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।