ਜਗਜੀਤ ਸਿੰਘ ਸਿੱਧੂ/ਜਗਤਾਰ ਸਿੰਘ ਲਾਂਬਾ
ਤਲਵੰਡੀ ਸਾਬੋ/ਅੰਮ੍ਰਿਤਸਰ, 3 ਦਸੰਬਰ
ਮੋਦੀ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਪਿਛਲੇ ਦਿਨਾਂ ਤੋਂ ਉੱਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਦੇ ਦਿੱਲੀ ਮੋਰਚੇ ਵਿੱਚ ਘੁਸਪੈਠ ਦੀ ਸ਼ੰਕਾ ਜਤਾਉਂਦਿਆਂ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਹਿਲਾਂ ਦੇਸ਼ ਦੀ ਸਰਕਾਰ ਨੇ ਨੋਟਬੰਦੀ ਲਾਗੂ ਕੀਤੀ, ਪਰ ਕਾਲਾ ਧਨ ਵਾਪਸ ਨਹੀਂ ਆਇਆ। ਫਿਰ ਜੀਐੱਸਟੀ ਲਾਗੂ ਕੀਤੀ ਪਰ ਵਪਾਰੀਆਂ ਨੂੰ ਕੋਈ ਫ਼ਾਇਦਾ ਨਹੀਂ ਮਿਲਿਆ ਅਤੇ ਹੁਣ ਅਜਿਹੇ ਕਾਲੇ ਖੇਤੀ ਕਾਨੂੰਨ ਬਣਾਏ, ਜਿਨ੍ਹਾਂ ਦਾ ਕਿਸਾਨ ਖ਼ੁਦ ਵਿਰੋਧ ਕਰ ਰਹੇ ਹਨ। ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਸੰਸਦ ਦਾ ਵਿਸ਼ੇਸ਼ ਸ਼ੈਸਨ ਬੁਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਉਨ੍ਹਾਂ ਦਿੱਲੀ ਦੀਆਂ ਹੱਦਾਂ ’ਤੇ ਮੋਰਚੇ ਲਗਾ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਮੋਰਚਿਆਂ ਨੂੰ ਤਾਰਪੀਡੋ ਕਰਨ ਲਈ ਸਰਕਾਰ ਮੋਰਚਿਆਂ ਵਿੱਚ ਘੁਸਪੈਠ ਕਰਵਾ ਸਕਦੀ ਹੈ। ਇਸ ਲਈ ਸਭ ਨੂੰ ਸੁਚੇਤ ਰਹਿੰਦਿਆਂ ਸਾਵਧਾਨੀ ਵਰਤਣੀ ਪਵੇਗੀ।ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਵਿਦੇਸ਼ ਦੇ ਸਿੱਖ ਨੌਜਵਾਨਾਂ ਨੂੰ ਆਖਿਆ ਕਿ ਉਹ ਗੁਰਦੁਆਰਾ ਸਿਆਸਤ ਦੀ ਥਾਂ ਆਪੋ-ਆਪਣੇ ਮੁਲਕਾਂ ਦੀ ਰਾਜਨੀਤੀ ਵਿੱਚ ਹਿੱਸਾ ਲੈਣ। ਉਨ੍ਹਾਂ ਨੇ ਨਿਊਯਾਰਕ ਵਿੱਚ ਕਿਸਾਨਾਂ ਦੇ ਹੱਕ ’ਚ ਸਿੱਖ ਭਾਈਚਾਰੇ ਵੱਲੋਂ ਦਿੱਤੀ ਹਮਾਇਤ ਦੀ ਸ਼ਲਾਘਾ ਕੀਤੀ। ਵੀਡੀਓ ਸੁਨੇਹੇ ਰਾਹੀਂ ਉਨ੍ਹਾਂ ਨੇ ਖ਼ਾਸ ਕਰਕੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਆਖਿਆ ਕਿ ਉਹ ਗੁਰਦੁਆਰਾ ਸਿਆਸਤ ਵਿੱਚ ਉਲਝਣ ਦੀ ਥਾਂ ਰਾਜਨੀਤੀ ਵਿੱਚ ਸ਼ਾਮਲ ਹੋਣ ਤਾਂ ਜੋ ਕੌਮ ਅਤੇ ਮੁਲਕ ਵਾਸਤੇ ਆਵਾਜ਼ ਬੁਲੰਦ ਕੀਤੀ ਜਾ ਸਕੇ। ਇਨ੍ਹਾਂ ਮੰਚਾਂ ਤੋਂ ਕਿਰਤੀ ਅਤੇ ਕਿਸਾਨਾਂ ਦੇ ਹੱਕਾਂ ਵਿੱਚ ਵੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਲੰਮੇ ਸਮੇਂ ਤੋਂ ਗੁਰਦੁਆਰਾ ਸਿਆਸਤ ਵਿੱਚ ਉਲਝਾ ਕੇ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਸਿੱਖ ਇਸ ਵਿੱਚ ਉਲਝੇ ਹੋਏ ਵੀ ਹਨ, ਜਿਸ ਤੋਂ ਬਾਹਰ ਆਉਣ ਦੀ ਲੋੜ ਹੈ।
ਕੇਂਦਰ ਦੀ ਗ਼ੈਰਸੰਜੀਦਗੀ ਬਦਅਮਨੀ ਪੈਦਾ ਕਰੇਗੀ: ਬਾਬਾ ਹਰਨਾਮ ਸਿੰਘ
ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸ਼ੰਕਾ ਪ੍ਰਗਟਾਈ ਹੈ ਕਿ ਕਿਸਾਨ ਅੰਦੋਲਨ ਪ੍ਰਤੀ ਮੋਦੀ ਸਰਕਾਰ ਦੀ ਗ਼ੈਰ ਸੰਜੀਦਗੀ ਬਦਅਮਨੀ ਪੈਦਾ ਕਰ ਸਕਦੀ ਹੈ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਕਿਸਾਨੀ ਮਾਮਲੇ ਨੂੰ ਸੁਲਝਾਉਣ ਵਿੱਚ ਹੁਣ ਤਕ ਨਾਕਾਮ ਰਹੀ ਹੈ। ਉਨ੍ਹਾਂ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦ ਕੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਦਖ਼ਲ ਦੇਣ।